ਜਠੇਰਿਆਂ ਚ ਜਾ ਕੇ ਗਰਜੇ ਕੈਪਟਨ, ਕਿਸਾਨ ਕਰਜ਼ ਮੁਆਫ਼ੀ ਤੋਂ ਲੈ ਕੇ ਨਸ਼ਿਆਂ ਦੇ ਖ਼ਾਤਮੇ ਤਕ ਥਾਪੜੀ ਆਪਣੀ ਹੀ ਪਿੱਠ

January 29 2019

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਮਹਿਰਾਜ ਵਿੱਚ ਕਿਸਾਨ ਕਰਜ਼ ਮੁਆਫ਼ੀ ਲਈ ਵੱਡੀ ਰੈਲੀ ਕੀਤੀ। ਕੈਪਟਨ ਨੇ ਆਪਣੀ ਸਕੀਮ ਦੇ ਤੀਜੇ ਗੇੜ ਵਿੱਚ ਸੋਮਵਾਰ ਨੂੰ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦੇ 18,000 ਤੋਂ ਵੱਧ ਕਿਸਾਨਾਂ ਦੇ 97 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਨ ਦਾ ਦਾਅਵਾ ਕੀਤਾ। ਇਸ ਦੇ ਨਾਲ ਹੀ ਕੈਪਟਨ ਨੇ ਬਰਗਾੜੀ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਵੀ ਕੀਤਾ।

ਸਮਾਗਮ ਵਿੱਚ ਜਾਣ ਤੋਂ ਪਹਿਲਾਂ ਕੈਪਟਨ ਆਪਣੇ ਪਿੰਡ ਦੇ ਗੁਰੂਘਰ ਵਿਖੇ ਨਤਮਸਤਕ ਹੋਏ। ਪਿੰਡ ਦਾ ਮੋਹ ਕਹਿ ਲਓ ਜਾਂ ਸਿਰ ਤੇ ਚੋਣਾਂ ਹੋਣ, ਪਰ ਇੱਥੇ ਕੈਪਟਨ ਅਮਰਿੰਦਰ ਸਿੰਘ ਦੇ ਵਤੀਰੇ ਵਿੱਚ ਜ਼ਿਕਰਯੋਗ ਤਬਦੀਲੀ ਦਿੱਸੀ। ਕੈਪਟਨ ਤੇ ਉਨ੍ਹਾਂ ਦੀ ਪਤਨੀ ਪਿੰਡ ਵਾਸੀਆਂ ਨੂੰ ਬੜੇ ਮੋਹ ਨਾਲ ਮਿਲੇ।

ਕੈਪਟਨ ਨੇ ਆਪਣੇ ਸੰਬੋਧਨੀ ਭਾਸ਼ਣ ਵਿੱਚ ਕੇਂਦਰ ਸਰਕਾਰ ਤੇ ਕਿਸਾਨ ਵਿਰੋਧੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਪੂਰੇ ਕਰਜ਼ੇ ਮੁਆਫ਼ ਕਰਨ ਵਿੱਚ ਕੋਈ ਸਹਾਇਤਾ ਨਹੀਂ ਕੀਤੀ ਤੇ ਨਾ ਹੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਹੈ।

ਉਨ੍ਹਾਂ ਆਪਣੀ ਸਰਕਾਰ ਦੀ ਡੀਏਪੀਓ ਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਜਾਰੀ ਨਸ਼ਾ ਛੁਡਾਊ ਮੁਹਿੰਮਾਂ ਨੂੰ ਬੇਹੱਦ ਅਸਰਦਾਰ ਦੱਸਿਆ। ਕੈਪਟਨ ਤੋਂ ਇਲਾਵਾ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੰਸਦ ਵਿੱਚ ਕਿਸਾਨਾਂ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ। ਕੈਪਟਨ ਦੇ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੀ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ:ABP Sanjha