ਮੀਂਹ ਤੇ ਗੜੇਮਾਰੀ ਨਾਲ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ ‘ਆਪ’ ਨੇ ਚੁੱਕੀ ਆਵਾਜ਼

January 24 2019

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ 100 ਫ਼ੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਜਾਰੀ ਪ੍ਰੈੱਸ ਬਿਆਨ ਰਾਹੀਂ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਅਤੇ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਹਰੇਕ ਕਿਸਾਨ ਨੂੰ ਉਸ ਦੀ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਯਕੀਨੀ ਬਣਾਉਣ ਅਤੇ ਬਿਨਾਂ ਦੇਰੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮੰਗ ਕੀਤੀ ਹੈ।

ਚੀਮਾ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਖੇਤੀਬਾੜੀ ਪਹਿਲਾਂ ਹੀ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ। ਕਿਸਾਨਾਂ ਸਿਰ ਕਰਜ਼ੇ ਦਾ ਬੋਝ ਸਾਲ ਦਰ ਸਾਲ ਵਧਦਾ ਜਾ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਇਸ ਤਰਾਂ ਦੀ ਕੁਦਰਤੀ ਆਫ਼ਤ ਨੇ ਹਜ਼ਾਰਾਂ ਕਿਸਾਨਾਂ ਅਤੇ ਖੇਤੀਬਾੜੀ ਉੱਤੇ ਨਿਰਭਰ ਮਜ਼ਦੂਰਾਂ ਦਾ ਲੱਕ ਤੋੜ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਇਨ੍ਹਾਂ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਅਤੇ ਵਿਆਜ ਦਾ ਬੋਝ ਵੀ ਸਰਕਾਰ ਨੂੰ ਖ਼ੁਦ ਉਠਾਉਣਾ ਚਾਹੀਦਾ ਹੈ। ਇਸ ਤੋਂ ਬਿਨਾਂ ਉਨ੍ਹਾਂ ਸਹਿਕਾਰੀ, ਸਰਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਨੂੰ ਸ਼ਾਰਟ ਟਰਮ (ਛਿਮਾਹੀ) ਲੋਨ ਦੀਆਂ ਕਿਸ਼ਤਾਂ ਇੱਕ ਛਿਮਾਹੀ ਅੱਗੇ ਪਾਉਣ ਲਈ ਕਿਹਾ।

ਉਨ੍ਹਾਂ ਅਫ਼ਸੋਸ ਜਤਾਇਆ ਕਿ ਖੇਤੀ ਪ੍ਰਧਾਨ ਦੇਸ਼ ਅਤੇ ਸੂਬਾ ਹੋਣ ਦੇ ਬਾਵਜੂਦ ਅਜੇ ਤੱਕ ਕਿਸਾਨਾਂ ਦੀਆਂ ਫ਼ਸਲਾਂ ਦੇ ਬੀਮੇ ਲਈ ਇੱਕ ਵੀ ਕਿਸਾਨ ਹਿਤੈਸ਼ੀ ਫ਼ਸਲੀ ਬੀਮਾ ਯੋਜਨਾ ਲਾਗੂ ਨਹੀਂ ਕੀਤੀ ਗਈ। ਸਰਕਾਰੀ ਅਤੇ ਨਿੱਜੀ ਕੰਪਨੀਆਂ ਵੱਲੋਂ ਜਿੰਨੀਆਂ ਵੀ ਫ਼ਸਲੀ ਬੀਮਾ ਅਤੇ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਸਭ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੀ ਥਾਂ ਕਿਸਾਨ ਨੂੰ ਲੁੱਟ ਕੇ ਖਾਧਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha