ਸੱਤ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਪੰਜਾਬ ਭਰ ’ਚ ਧਰਨੇ ਅੱਜ

January 18 2019

ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ਸਾਂਝੇ ਮੋਰਚੇ ਵੱਲੋਂ ਕਿਸਾਨੀ ਮੰਗਾਂ ਦੀ ਪੂਰਤੀ ਲਈ 18 ਜਨਵਰੀ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਜਾਣਗੇ ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਮੋਰਚੇ ਨਾਲ਼ ਜੁੜੀਆਂ ਧਿਰਾਂ ਵੱਲੋਂ ਉਲੀਕੀ ਗਈ ਰੂਪ ਰੇਖਾ ਬਾਰੇ ਵਿਚਾਰ ਚਰਚਾ ਕੀਤੀ ਗਈ। ਮੋਰਚੇ ਨੇ ਸੂਬਾ ਸਰਕਾਰ ਵੱਲੋਂ ਪੰਜ ਏਕੜ ਤੱਕ ਦੀ ਮਾਲਕੀ ਵਾਲ਼ੇ ਕਿਸਾਨਾਂ ਦੀ ਦੋ ਲੱਖ ਤੱਕ ਦੀ ਕਰਜ਼ਾ ਮੁਆਫ਼ੀ ਨੂੰ ਨਿਗੂਣੀ ਦੱਸਦਿਆਂ ਮੰਗ ਕੀਤੀ ਕਿ ਸਰਕਾਰ ਵਾਅਦੇ ਮੁਤਾਬਕ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਫੇਰੇ।
ਜ਼ਿਕਰਯੋਗ ਹੈ ਕਿ ਕਿਸਾਨ ਧਿਰਾਂ ਦਾ ਇਹ ਸਾਂਝਾ ਮੋਰਚਾ ਜੋਗਿੰਦਰ ਸਿੰਘ ਉਗਰਾਹਾਂ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ, ਸੁਰਜੀਤ ਸਿੰਘ ਫੂਲ, ਕੰਵਲਪ੍ਰੀਤ ਸਿੰਘ ਪੰਨੂ, ਅਵਤਾਰ ਸਿੰਘ ਮਹਿਮਾ ਅਤੇ ਹਰਜਿੰਦਰ ਸਿੰਘ ਟਾਂਡਾ ਦੀ ਅਗਵਾਈ ਹੇਠਲੀਆਂ ਸੱਤ ਜਥੇਬੰਦੀਆਂ ’ਤੇ ਆਧਾਰਤ ਹੈ ਜਿਸ ਵਿਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ (ਢੁੱਡੀਕੇ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ (ਪੰਨੂ), ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਕਿਸਾਨ ਸੰਘਰਸ਼ ਕਮੇਟੀ (ਆਜ਼ਾਦ) ਸ਼ਾਮਲ ਹਨ। ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਉੱਪਲ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਧਰਨਾ ਮੁਕੰਮਲ ਕਰਜ਼ਾ ਮੁਕਤੀ ਸਮੇਤ ਦਰਜਨ ਭਰ ਹੋਰ ਕਿਸਾਨੀ ਮੰਗਾਂ ’ਤੇ ਆਧਾਰਿਤ ਹੈ। ਇਸੇ ਦੌਰਾਨ ਧਰਨੇ ਦੀ ਤਿਆਰੀ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਭਟੇੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਸੂਬਾ ਆਗੂ ਡਾ. ਦਰਸ਼ਨ ਪਾਲ ਸਮੇਤ ਸਥਾਨਕ ਆਗੂ ਵੀ ਹਾਜ਼ਰ ਸਨ।
 
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Tribune