ਮਹਿਲਾ ਦਿਵਸ ਮੌਕੇ ਔਰਤਾਂ ਵੱਲੋਂ ਕਿਸਾਨੀ ਲਈ ਆਵਾਜ਼ ਬੁਲੰਦ

March 09 2018

ਬਰਨਾਲਾ: ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਕਰਜ਼ ਮੁਆਫ ਰੈਲੀ ਵਿੱਚ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਰੈਲੀ ਵਿੱਚ ਬੱਚਿਆਂ ਸਮੇਤ ਸ਼ਾਮਲ ਹੋਈਆਂ ਔਰਤਾਂ ਤੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਖ਼ੂਬ ਰਗੜੇ ਲਾਏ। ਰੈਲੀ ਵਿੱਚ ਔਰਤਾਂ ਲਈ ਰੁਜ਼ਗਾਰ ਦੇ ਮੌਕਿਆਂ ਦੀ ਕਮੀ ਦਾ ਮੁੱਦਾ ਖ਼ੂਬ ਗਰਮਾਇਆ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਬਣੇ ਨੂੰ ਇੱਕ ਸਾਲ ਹੋ ਗਿਆ ਹੈ, ਪਰ ਚੋਣ ਵਾਅਦਿਆਂ ਚੋਂ ਇੱਕ ਵੀ ਪੂਰਾ ਨਹੀਂ ਹੋਇਆ।

ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ 450 ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਖੇਤਾਂ ਤੇ ਮੋਟਰਾਂ ਤੇ ਮੀਟਰ ਲਾਉਣ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ। ਕਿਸੇ ਵੀ ਕਿਸਾਨ ਦੀ ਮੋਟਰ ਤੇ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ।

ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿਰਫ ਭਗਵਾ ਰਾਜਨੀਤੀ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਵੋਟਾਂ ਵੇਲੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਡੇਢ ਗੁਣਾ ਲਾਭ ਦਿੱਤਾ ਜਾਵੇਗਾ ਪਰ ਹੁਣ ਬਜਟ ਵਿੱਚ ਸਿਰਫ 200 ਕਰੋੜ ਰੁਪਏ ਹੀ ਰੱਖਿਆ ਗਿਆ ਹੈ।

ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਇੰਨੇ ਪੈਸੇ ਨਾਲ ਤਾਂ ਪੰਜਾਬ ਦੇ ਇੱਕ ਜ਼ਿਲ੍ਹੇ ਦੀ ਖੇਤੀਯੋਗ ਜ਼ਮੀਨ ਵੀ ਖਰੀਦੀ ਨਹੀਂ ਜਾ ਸਕਦੀ ਤੇ ਪੂਰੇ ਦੇਸ਼ ਦੇ ਕਿਸਾਨਾਂ ਦਾ ਕਿਵੇਂ ਗੁਜ਼ਾਰਾ ਹੋਵੇਗਾ।

ਮਹਿਲਾ ਦਿਵਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਔਰਤਾਂ ਵਿਰੁੱਧ ਹੋ ਰਹੇ ਜੁਰਮ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ। 

Source: ABP Sanjha