ਡੀ.ਸੀ. ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

August 03 2017

By: Ajit Date: 3 August 2017

ਹੁਸ਼ਿਆਰਪੁਰ, 3 august -ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਕੰਬਾਇਨ ਮਾਲਕ ਕੰਬਾਇਨਾਂ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇਜ਼ਾਦ ਕੀਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐੱਸ.ਐਮ.ਐੱਸ.) ਨੂੰ ਲਗਾਉਣਾ ਯਕੀਨੀ ਬਣਾਉਣ| ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਉਦਯੋਗਪਤੀਆਂ ਅਤੇ ਵਪਾਰੀਆਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਸ਼ਮੂਲੀਅਤ ਨਾਲ ਹੀ ਪ੍ਰਦੂਸ਼ਣ ਦੀ ਰੋਕਥਾਮ ਹੋ ਸਕਦੀ ਹੈ| ਉਨ੍ਹਾਂ ਕਿਹਾ ਕਿ ਰਾਜ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਪਿਛਲੇ ਸਾਲ ਇਸ ਦੀ ਮਾਰ ਦੇਸ਼ ਦੀ ਰਾਜਧਾਨੀ ਦਿੱਲੀ ਤੱਕ ਦੇਖਣ ਨੂੰ ਮਿਲੀ| ਉਨ੍ਹਾਂ ਕਿਹਾ ਕਿ ਜੇਕਰ ਅਸੀਂ ਪ੍ਰਦੂਸ਼ਣ ਰਹਿਤ ਸਾਫ਼ ਵਾਤਾਵਰਨ 'ਚ ਜਿਊਣਾ ਹੈ, ਤਾਂ ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਪ੍ਰਣ ਕਰਨ| ਵਿਪੁਲ ਉਜਵਲ ਨੇ ਕਿਹਾ ਕਿ ਕਣਕ/ਝੋਨੇ ਦੇ ਨਾੜ ਸਮੇਤ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਨੈਸ਼ਨਲ ਗਰੀਨ ਟਿ੍ਬਿਊਨਲ ਕਾਫ਼ੀ ਗੰਭੀਰ ਹੈ ਅਤੇ ਉਸ ਵੱਲੋਂ ਇਸ ਸਬੰਧੀ ਸਖ਼ਤੀ ਨਾਲ ਕਦਮ ਪੁੱਟਣ ਦੇ ਆਦੇਸ਼ ਦਿੱਤੇ ਗਏ ਹਨ| ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਹਾਰਵੈਸਟਰ ਕੰਬਾਇਨਾਂ ਦੇ ਮਾਲਕਾਂ ਅਤੇ ਓਪਰੇਟਰਾਂ ਨੂੰ ਝੋਨੇ ਦੀ ਕਟਾਈ ਸਮੇਂ ਸੁਪਰ ਐੱਸ.ਐਮ.ਐੱਸ. ਲਗਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ| ਇਸ ਮੌਕੇ ਖੇਤੀਬਾੜੀ ਅਫ਼ਸਰ ਗੁਰਬਖ਼ਸ਼ ਸਿੰਘ, ਹਾਰਵੈਸਟਰ ਕੰਬਾਇਨ ਦੇ ਮਾਲਕਾਂ/ਓਪਰੇਟਰਾਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ|

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।