Debt waiver: Farmers against Government

March 02 2019

This content is currently available only in Punjabi language.

ਪੰਜਾਬ ਕਿਸਾਨ ਯੂਨੀਅਨ ਵੱਲੋਂ ਅੱਜ ਇਥੇ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਕਰਜ਼ਾ ਪੀੜਤ ਕਿਸਾਨਾਂ ਦੀਆਂ ਹਜ਼ਾਰਾਂ ਦਰਖ਼ਾਸਤਾਂ ਮੁੱਖ ਮੰਤਰੀ ਨੂੰ ਭੇਜੀਆਂ ਗਈਆਂ ਅਤੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਉਨ੍ਹਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਸਰਕਾਰੀ ਵਾਅਦੇ ਮੁਤਾਬਕ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਉਨ੍ਹਾਂ ਦਾ ਧਿਆਨ ਭਟਕਾਉਣ ਲਈ ਦੇਸ਼ ’ਚ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ।

ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ, ਜਿਥੇ ਗੁਟਕਾ ਸਾਹਿਬ ਦੀ ਸਹੁੰ ਖ਼ਾ ਕੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਧੋਖਾ ਕੀਤਾ ਹੈ, ਉਥੇ ਵਾਅਦੇ ਪੂਰੇ ਨਾ ਕਰਕੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਹੈ, ਜਿਸ ਨੂੰ ਪੰਜਾਬ ਦੀ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ। ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ-ਮਜ਼ਦੂਰਾਂ ਸਿਰ ਖੜ੍ਹਾ ਸਮੁੱਚਾ ਸਰਕਾਰੀ, ਸਹਿਕਾਰੀ ਅਤੇ ਪ੍ਰਾਈਵੇਟ ਕਰਜ਼ਾ ਖ਼ਤਮ ਕੀਤਾ ਜਾਵੇ ਅਤੇ ਦਸ ਏਕੜ ਤੱਕ ਦੇ ਕਿਸਾਨਾਂ ਨੂੰ ਬਿਨਾਂ ਵਿਆਜ ਦੇ ਨਵੇਂ ਸਿਰੇ ਤੋਂ ਫ਼ਸਲਾਂ ਪਾਲਣ ਲਈ ਕਰਜ਼ਾ ਦਿੱਤਾ ਜਾਵੇ। ਗੁਰਨਾਮ ਸਿੰਘ ਭੀਖੀ ਨੇ ਕਿਹਾ ਕਿ ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਮਸਲੇ ਦਾ ਢੁੱਕਵਾਂ ਹੱਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਲਾਗਤ ਤੋਂ ਘੱਟੋ-ਘੱਟ ਡੇਢ ਗੁਣਾ ਕੀਮਤ ਦੇਣ ਸਮੇਤ ਡਾਕਟਰ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune