ਕਿਸਾਨ ਮੇਲਾ: ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਦੀ ਅਪੀਲ

September 09 2017

 by: punjabitribune date: 9 september

ਫ਼ਿਰੋਜ਼ਪੁਰ, 9 ਸਤੰਬਰ-ਇੱਥੇ ਕ੍ਰਿਸ਼ੀ ਵਿਗਿਆਨ ਕੇਂਦਰ  ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਅੱਜ ਇੱਥੇ ਚੰਦਨ ਪੈਲੇਸ ਵਿੱਚ ਕਿਸਾਨ ਮੇਲਾ ਲਗਾਇਆ ਗਿਆ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਇਸ ਦੌਰਾਨ ਭਾਰਤ ਸਰਕਾਰ ਵੱਲੋਂ 2022 ਤੱਕ ਖੇਤੀ ਆਮਦਨ ਦੁੱਗਣੀ ਕਰਨ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਮੇਲੇ ਵਿੱਚ ਮੁੱਖ ਮਹਿਮਾਨ ਵਿਧਾਇਕ ਹਲਕਾ ਦਿਹਾਤੀ ਸਤਿਕਾਰ ਕੌਰ ਗਹਿਰੀ ਸ਼ਾਮਲ ਹੋਏ ਅਤੇ ਮੇਲੇ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰਾਮਵੀਰ ਨੇ ਕੀਤੀ।

ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਕਿਹਾ ਕਿ ਸਾਨੂੰ ਖੇਤੀ ਵਿੱਚ ਆਪਣੇ ਹੁਨਰ ਨੂੰ ਹੋਰ ਵਿਕਸਿਤ ਕਰਨ ਲਈ ਤਕਨੀਕੀ ਗਿਆਨ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਨਾਲ ਸੰਪਰਕ ਵਿੱਚ ਰਹਿਣ ਨੂੰ ਕਿਹਾ। ਉਨ੍ਹਾਂ ਕਿਸਾਨਾਂ ਨੂੰ ਪਾਣੀ ਦੀ ਸੰਜਮ ਨਾਲ ਵਰਤਣ ਲਈ ਆਖਿਆ ਤੇ ਕਿਸਾਨਾਂ ਨੂੰ  ਖੇਤੀ ਦੇ ਨਾਲ ਵੱਖ-ਵੱਖ ਸਹਾਇਕ ਧੰਦੇ ਅਪਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨਵੀਆਂ ਖੇਤੀ-ਬਾੜੀ ਤਕਨੀਕਾਂ ਅਪਣਾਉਣੀਆਂ ਚਾਹੀਦੀਆਂ ਹਨ, ਆਪਣੀ ਜ਼ਮੀਨ ਦੀ ਪਰਖ ਕਰਵਾ ਲੈਣੀ ਚਾਹੀਦੀ ਹੈ ਅਤੇ ਸੁਧਰੇ ਬੀਜਾਂ, ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।

ਡਾ. ਗੁਰਜੰਟ ਸਿੰਘ ਔਲਖ ਨੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਬਾਰੇ ਜੈਵਿਕ ਖਾਦਾਂ ਦੀ ਵਰਤੋਂ ਅਤੇ ਬੂਟੇ ਲਗਾਉਣ ਦੀ ਸਿਫ਼ਾਰਿਸ਼ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਖੇਤੀਬਾੜੀ ਦੇ ਵਿਕਾਸ ਲਈ ਚਲਾਈਆਂ ਗਈਆਂ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।  ਕਿਸਾਨਾਂ ਨੂੰ  ਜ਼ਿਆਦਾ ਜਾਣਕਾਰੀ ਲੈਣ ਲਈ ਮਹਿਕਮੇ ਦੇ ਮਾਹਿਰਾਂ ਨਾਲ ਜੁੜਨ ਨੂੰ ਕਿਹਾ ਤਾਂ ਜੋ ਕਿਸਾਨ ਆਪਣੀ ਆਮਦਨ ਵਧਾ ਸਕਣ। ਉਨ੍ਹਾਂ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਅਤੇ ਕਿਸਾਨੀ ਖ਼ਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਨਾਲ ਸਬੰਧਿਤ ਨਵੀਆਂ ਤਕਨੀਕਾਂ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।

ਇਸ ਮੌਕੇ ਡੇਅਰੀ ਵਿਕਾਸ ਵਿਭਾਗ,ਵੇਰਕਾ,ਭੂਮੀ ਅਤੇ ਜਲ ਸੰਭਾਲ,ਬਾਗ਼ਬਾਨੀ, ਮੱਛੀ ਪਾਲਨ, ਪਸ਼ੂ ਪਾਲਨ, ਓ.ਬੀ.ਸੀ. ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਜ਼ੀਰਾ, ਨਬਾਰਡ ਅਤੇ ਔਰਤਾਂ ਦੇ ਸਵੈ ਹੈਲਪ ਗਰੱੁਪਾਂ ਵੱਲੋਂ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।