ਕਿਸਾਨਾਂ ਵੱਲੋਂ ਆਜ਼ਾਦੀ ਦੇ ਜਸ਼ਨਾਂ ਦੇ ਬਾਈਕਾਟ ਦਾ ਐਲਾਨ

August 14 2017

By: abp sanjha Date: 14 August 2017

ਬਰਨਾਲਾ/ਫਤਹਿਗੜ੍ਹ ਸਾਹਿਬ: ਭਾਰਤ ਕੱਲ੍ਹ ਆਪਣੀ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਮਨਾ ਰਿਹਾ ਹੈ ਪਰ ਕਿਸਾਨਾਂ ਨੇ ਇਸ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਬਾਈਕਾਟ ਨੇ ਆਜ਼ਾਦੀ ਦੇ ਜਸ਼ਨਾਂ ‘ਤੇ ਵੱਡਾ ਸਵਾਲ ਉਠਾਇਆ ਹੈ। ਕਿਸਾਨਾਂ ਦੇ ਇਸ ਸੰਘਰਸ਼ ਨੇ ਅਸਲੀਅਤ ਸਾਹਮਣੇ ਲਿਆਂਦੀ ਹੈ ਕਿ 70 ਸਾਲ ਬਾਅਦ ਵੀ ਦੇਸ਼ ਦਾ ਅੰਨਦਾਤਾ ਅਜੇ ਆਜ਼ਾਦ ਨਹੀਂ ਹੋ ਸਕਿਆ।

ਮਿਲੀਆਂ ਰਿਪੋਰਟਾਂ ਮੁਤਾਬਕ ਆਜ਼ਾਦੀ ਦਿਵਸ ਤੋਂ ਪਹਿਲਾਂ ਕਿਸਾਨਾਂ ਨੇ ਕਾਲੀ ਆਜ਼ਾਦੀ ਮਨਾਉਣ ਦਾ ਫੈਸਲਾ ਕੀਤਾ ਹੈ। ਕਿਸਾਨਾਂ ਨੇ ਆਜ਼ਾਦੀ ਦੇ ਜਸ਼ਨਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਅੱਜ ਬਰਨਾਲਾ ਵਿੱਚ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਤੇ ਗਲਾਂ ਵਿੱਚ ਰੱਸੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਉਪਰੰਤ ਡੀਸੀ ਦਫਤਰ ਅੱਗੇ ਰੋਸ ਧਰਨਾ ਵੀ ਦਿੱਤਾ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਆਜ਼ਾਦੀ ਦੀ 70ਵੀਂ ਵਰ੍ਹੇਗੰਢ ਹੋਣ ‘ਤੇ ਵੀ ਕਿਸਾਨ ਦੀ ਹਾਲਤ ਦਿਨ ਪ੍ਰਤੀ ਦਿਨ ਨਿਘਰਦੀ ਜਾ ਰਹੀ ਹੈ। ਭਾਵੇਂ ਕੋਈ ਵੀ ਸਰਕਾਰ ਆਈ ਕਿਸੇ ਨੇ ਵੀ ਕਿਸਾਨ ਦੀ ਬਾਂਹ ਨਹੀਂ ਫੜੀ। ਇਸ ਕਾਰਨ ਖੇਤੀ ਦਾ ਧੰਦਾ ਲਾਹੇਵੰਦ ਨਹੀਂ ਰਿਹਾ। ਕਿਸਾਨਾਂ ਦੇ ਸਿਰ ਕਰਜ਼ੇ ਦੀ ਪੰਡ ਭਾਰੀ ਹੋ ਗਈ ਤੇ ਕਿਸਾਨ ਖੁਦਕੁਸ਼ੀਆਂ ਦੇ ਰਾਹ ਪੈ ਗਿਆ ਹੈ।

ਦੂਜੇ ਪਾਸੇ ਅਜੇ ਵੀ ਸਰਕਾਰਾਂ ਨੇ ਕਿਸਾਨ ਤੇ ਖੇਤੀਬਾੜੀ ਦੇ ਧੰਦੇ ਲਈ ਕੋਈ ਵੀ ਨੀਤੀ ਨਹੀਂ ਬਣਾਈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਸਲੇ ਜਿਨ੍ਹਾਂ ਚਿਰ ਹੱਲ ਨਹੀਂ ਹੁੰਦੇ, ਸੰਘਰਸ਼ ਜਾਰੀ ਰਹੇਗਾ। ਮੰਗਾਂ ਨਾ ਮੰਨੇ ਜਾਣ ‘ਤੇ ਕਿਸਾਨ ਆਗੂਆਂ ਨੇ ਐੇਲਾਨ ਕੀਤਾ ਕਿ ਆਉਣ ਵਾਲੇ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ। ਰਾਸ਼ਟਰੀ ਝੰਡੇ ਦੀ ਜਗ੍ਹਾ ਕਿਸਾਨ ਯੂਨੀਅਨ ਦਾ ਝੰਡਾ ਲਹਿਰਾਇਆ ਜਾਵੇਗਾ।

ਇਸ (ਸਟੋਰੀ) ਕਹਾਣੀ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।