ਜਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਵਾਂ ਉਪਰਾਲਾ

June 21 2018

 ਨਬਾਰਡ ਪ੍ਰੋਗਰਾਮ ਅਧੀਨ ਝੋਨਾ ਛੱਡਕੇ ਮੱਕੀ ਲਗਾਉਣ ਵਾਲੇ ਕਿਸਾਨਾਂ ਨੂੰ 23,500 ਪ੍ਰਤੀ ਹੈਕਟੇਅਰ ਦਿੱਤੀ ਜਾਵੇਗੀ ਸਬਸਿਡੀ

ਪਟਿਆਲਾ,  (ਬਲਵਿੰਦਰ ਸਿੰਘ ਭੁੱਲਰ) : ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਵਿਚ ਖੇਤੀਬਾੜੀ ਵਿਭਾਗ ਦਾ ਅਹਿਮ ਰੋਲ ਹੋਵੇਗਾ ਕਿਉਂਕਿ ਖੇਤਾਂ ਵਿਚ ਪਾਈਆਂ ਜਾਂਦੀਆਂ ਦਵਾਈਆਂ ਮਨੁੱਖੀ ਸਰੀਰ ਤੇ ਸਭ ਤੋਂ ਵੱਧ ਪ੍ਰਭਾਵ ਪਾਉਂਦੀਆਂ ਹਨ ਇਸ ਲਈ ਕਿਸਾਨਾਂ ਨੂੰ ਡੀ.ਏ.ਪੀ. ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨ ਵਾਸਤੇ ਕਿਸਾਨ ਕੈਂਪ ਲਗਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੇਤੀਬਾੜੀ ਵਿਭਾਗ ਦੀ ਮਹੀਨਾਵਾਰ ਸਮੀਖਿਆਂ ਮੀਟਿੰਗ ਦੌਰਾਨ ਕੀਤਾ।

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮਿਆਰੀ ਬੀਜ਼, ਖਾਦ ਅਤੇ ਦਵਾਈਆਂ ਸਪਲਾਈ ਕਰਵਾਉਣ ਲਈ ਸਮੇਂ-ਸਮੇਂ ਤੇ ਚੈਕਿੰਗ ਕੀਤੀ ਜਾਵੇ ਅਤੇ ਨਾਲ ਹੀ ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ਵੱਲ ਵੀ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਅਰਵਿੰਦਰ ਸਿੰਘ ਨੇ ਦੱਸਿਆਂ ਕਿ ਸੱਕਤਰ ਖੇਤੀਬਾੜੀ ਸ਼੍ਰੀ ਕਾਹਨ ਸਿੰਘ ਪੰਨੂ ਵੱਲੋਂ ਪ੍ਰਾਪਤ ਹੋਈਆਂ ਹਦਾਇਤ ਮੁਤਾਬਿਕ ਨਬਾਰਡ ਦੇ ਪ੍ਰੋਜੈਕਟ ਅਧੀਨ ਸੂਬੇ ਵਿਚ ਮੱਕੀ ਹੇਠ ਰਕਬਾ ਇਕ ਹਜ਼ਾਰ ਹੈਕਟੇਅਰ ਲਿਆਂਦਾ ਜਾਵੇਗਾ।

ਇਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ 23 ਹਜ਼ਾਰ 500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ ਇਹ ਵਿੱਤੀ ਸਹਾਇਤਾ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤੀ ਜਾਵੇਗੀ ਜੋ ਝੋਨਾ ਛੱਡ ਕੇ ਮੱਕੀ ਵੱਲ ਉਤਸ਼ਾਹਤ ਹੋਣਗੇ। ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਰਿਪੋਰਟ ਪਟਵਾਰੀਆਂ ਪਾਸੋਂ ਪ੍ਰਾਪਤ ਕੀਤੀ ਜਾਵੇਗੀ ਕਿ ਕਿੰਨ੍ਹਾਂ ਕਿਸਾਨਾਂ ਨੇ ਝੋਨਾ ਛੱਡ ਮੱਕੀ ਦੀ ਖੇਤੀ ਕੀਤੀ ਹੈ, ਉਨ੍ਹਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆਂ ਕਿ ਮੱਕੀ ਦਾ ਬੀਜ਼ ਵੀ ਕਿਸਾਨਾਂ ਨੂੰ ਫ਼ਸਲੀ ਵਭਿੰਨਤਾ ਪ੍ਰੋਗਰਾਮ ਤਹਿਤ ਵੱਖ-ਵੱਖ ਕੰਪਨੀਆਂ ਤੋਂ ਸਬਸਿਡੀ ਤੇ ਪ੍ਰਾਪਤ ਕਰਕੇ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 40 ਕਵਿੰਟਲ ਬੀਜ਼ ਵੰਡਿਆ ਜਾ ਚੁੱਕਾ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: Rozana Spokesman