ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀ ਮੋਟਰਾਂ ਲਈ ਦਸ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਕਿਸਾਨ ਆਗੂ

May 14 2018

ਮਹਿਲ ਕਲਾਂ, 13 ਮਈ (ਅਵਤਾਰ ਸਿੰਘ ਅਣਖੀ)-ਝੋਨੇ ਦੀ ਬਿਜਾਈ ਨੂੰ ਮੁੱਖ ਰਖਦਿਆਂ ਪਾਵਰਕਾਮ ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਕੇ ਖੇਤੀ ਮੋਟਰਾਂ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ ਨੇ ਇੱਥੇ ਜਥੇਬੰਦੀ ਦੀ ਬਲਾਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤੇ ਜਾ ਰਹੇ ਜੁਰਮਾਨੇ ਕਿਸੇ ਵੀ ਹਾਲਤ ਵਿਚ ਨਹੀਂ ਭਰੇ ਜਾਣਗੇ | ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀ ਹਦਾਇਤਾਂ ਅਨੁਸਾਰ ਜਾਰੀ ਕੀਤੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਰਿਹਾ | 

ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਝੋਨੇ ਦੀ ਬਿਜਾਈ 1 ਜੂਨ ਤੋਂ ਹਰ ਹਾਲਤ ਵਿਚ ਕਿਸਾਨਾਂ ਵਲੋਂ ਕੀਤੀ ਜਾਵੇਗੀ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਪਾਵਰਕਾਮ ਖੇਤੀ ਮੋਟਰਾਂ ਲਈ ਰੋਜ਼ਾਨਾ 10 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇ | ਬਿਜਲੀ ਦੇ ਪਾਵਰ ਲੋਡ ਨੂੰ ਘਟਾ ਕੇ 5700 ਤੋਂ 1200 ਪ੍ਰਤੀ ਹਾਰਸ ਪਾਵਰ ਕੀਤਾ ਜਾਵੇ | ਕਿਸਾਨ ਆਗੂਆਂ ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ, ਮੋਹਨ ਸਿੰਘ ਮੂੰਮ, ਪਵਿੱਤਰ ਸਿੰਘ ਚੁਹਾਣਕੇ, ਕੁਲਦੀਪ ਸਿੰਘ ਸਹਿਜੜਾ, ਰਘਵੀਰ ਸਿੰਘ, ਮੱਘਰ ਸਿੰਘ ਹਰਦਾਸਪੁਰਾ, ਹਰਭਜਨ ਸਿੰਘ ਖਿਆਲੀ ਅਤੇ ਮੱਖਣ ਸਿੰਘ ਕਲਾਲਮਾਜਰਾ ਨੇ ਮੰਗ ਕੀਤੀ ਕਿ ਫ਼ਿਰੋਜ਼ਪੁਰ ਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਸਰਕਾਰ ਦਖ਼ਲ-ਅੰਦਾਜ਼ੀ ਕਰਕੇ ਤੁਰੰਤ ਇਸ ਦਾ ਹੱਲ ਕਰੇ | 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: Ajit