ਨਰਮੇ ਦੀ ਬਿਜਾਈ ਲਈ ਖੇਤੀ ਇਨਪੁਟਸ ਡੀਲਰਾਂ ਨੂੰ ਜਾਰੀ ਕੀਤੀਆਂ ਹਦਾਇਤਾਂ

March 20 2018

ਲੰਬੀ/ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਇਸ ਵਾਰ ਸਾਉਣੀ ਦੇ ਸੀਜ਼ਨ ਦੌਰਾਨ ਕਿਸੇ ਵੀ ਗੈਰ ਪ੍ਰਮਾਣਿਤ ਨਰਮੇ ਦੇ ਬੀਜ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ।ਇਸ ਗੱਲ ਦਾ ਪ੍ਰਗਟਾਵਾ ਡਾ: ਬਲਜਿੰਦਰ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਕਿਸਾਨ ਹਿੱਤ ਚ ਲੰਬੀ ਵਿਖੇ ਸਮੂਹ ਬੀਜ, ਦਵਾਈਆਂ ਅਤੇ ਖਾਦ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ ਦੌਰਾਨ ਸਾਂਝੇ ਕੀਤੇ। 

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਨਰਮੇ ਦੀ ਫ਼ਸਲ ਲਈ ਪੀ. ਏ. ਯੂ. ਲੁਧਿਆਣਾ ਦੁਆਰਾ ਪ੍ਰਮਾਣਿਤ ਕੀਤੇ ਬੀਜਾਂ ਅਤੇ ਦਵਾਈਆਂ ਦੀ ਵਿਕਰੀ ਕਰਕੇ ਕਿਸਾਨਾਂ ਨੂੰ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਕੋਈ ਵੀ ਡੀਲਰ ਨਰਮੇ ਦੀਆਂ ਗੈਰ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਨਹੀਂ ਕਰੇਗਾ। ਜੇਕਰ ਕੋਈ ਡੀਲਰ ਅਜਿਹੀ ਵਿਕਰੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਮੇ ਸ੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਸਮੂਹ ਡੀਲਰਾਂ ਨੂੰ ਕੀੜੇਮਾਰ ਦਵਾਈਆਂ ਦੇ ਅਧਿਕਾਰ ਪੱਤਰ ਦਰਜ ਕਰਵਾ ਕੇ ਵੇਚਣ ਦੀ ਹਦਾਇਤ ਕੀਤੀ।

ਇਸ ਮੌਕੇ ਕੀਤੀ ਮੀਟਿੰਗ ਦੌਰਾਨ ਬਲਾਕ ਖੇਤੀਬਾੜੀ ਅਫ਼ਸਰ, ਲੰਬੀ, ਸ੍ਰੀ ਜਲੌਰ ਸਿੰਘ ਨੇ ਸਮੂਹ ਬੀਜ/ਖਾਦ/ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਆਪਣੇ ਵਿਕਰੀ ਅਤੇ ਸਟਾਕ ਰਜਿਸਟਰ ਮੇਨਟੇਨ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਕਿਸਾਨਾਂ ਤੋਂ ਇਲਾਵਾ ਸ੍ਰੀ ਸੁਰਿੰਦਰ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਆਦਿ ਹਾਜ਼ਰ ਸਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source: jagbani