ਪੰਜਾਬ 'ਚ 30 ਫ਼ੀਸਦੀ ਘੱਟ ਸਾੜੀ ਗਈ ਪਰਾਲੀ

October 31 2017

ਨਵੀਂ ਦਿੱਲੀ: ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਝੋਨੇ ਦੀ ਪਰਾਲੀ 30 ਫ਼ੀਸਦੀ ਘੱਟ ਸਾੜੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੌਮੀ ਗਰੀਨ ਟ੍ਰਿਬਿਊਨਲ ਨੂੰ ਦਿੱਤੀ ਹੈ।

ਬੋਰਡ ਨੇ ਗਰੀਨ ਟ੍ਰਿਬਿਊਨਲ ਦੇ ਚੇਅਰਪਰਸਨ ਸਵਤੰਤਰ ਕੁਮਾਰ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ 2016 ਵਿਚ 22269 ਮਾਮਲਿਆਂ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਅੱਗ ਲਾ ਕੇ ਸਾੜਨ ਦੇ 14432 ਮਾਮਲੇ ਦਰਜ ਕੀਤੇ ਗਏ ਹਨ। ਗਰੀਨ ਟ੍ਰਿਬਿਊਨਲ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਇਕ ਕਾਰਜ ਯੋਜਨਾ ਪੇਸ਼ ਕਰਨ ਲਈ ਕਹਿ ਰਿਹਾ ਹੈ।

ਪਰਾਲੀ ਸਾੜੇ ਜਾਣ ਕਾਰਨ ਦਿੱਲੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਵਿਚ ਭਾਰੀ ਪ੍ਰਦੂਸ਼ਣ ਫੈਲ ਜਾਂਦਾ ਹੈ। ਅੱਜ ਦੀ ਸੰਖੇਪ ਸੁਣਵਾਈ ਦੌਰਾਨ ਟ੍ਰਿਬਿਊਨਲ ਨੇ ਕੌਮੀ ਥਰਮਲ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਤਾਜ਼ਾ ਨੋਟਿਸ ਜਾਰੀ ਕਰਕੇ ਪੁੱਛਿਆ ਕਿ ਉਹ ਵਾਤਾਵਰਨ ਦੀ ਖਾਤਰ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਕਿਸਾਨਾਂ ਤੋਂ ਫਸਲਾਂ ਦੀ ਰਹਿੰਦ-ਖੂੰਹਦ ਕਿਉਂ ਨਹੀਂ ਲੈ ਸਕਦਾ। ਮਾਮਲੇ ਦੀ ਅਗਲੀ ਸੁਣਵਾਈ 8 ਨਵੰਬਰ ‘ਤੇ ਪਾ ਦਿੱਤੀ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ। 

Source: ABP Sanjha