ਪੰਜਾਬ ਦੀਆਂ ਨਹਿਰਾਂ 'ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

March 30 2018

ਚੰਡੀਗੜ੍ਹ - ਹਾੜ੍ਹੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 30 ਮਾਰਚ ਤੋਂ 6 ਅਪ੍ਰੈਲ ਤੱਕ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬ੍ਰਾਂਚਾਂ ਜਿਵੇਂ ਕਿ ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ਤੇ ਚੱਲਣਗੀਆਂ।

ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਚੋਂ ਨਿਕਲਦੀਆਂ ਨਹਿਰਾਂ, ਜੋ ਕਿ ਗਰੁੱਪ ਏ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਚੋਂ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ, ਜੋ ਗਰੁੱਪ ਬੀ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ।

ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਕਿ ਗਰੁੱਪ ਏ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ਬੀ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ਤੇ ਬਾਕੀ ਬਚਦਾ ਪਾਣੀ ਮਿਲੇਗਾ।  ਅੱਪਰਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਪਾਣੀ ਦਿੱਤਾ ਜਾਵੇਗਾ, ਜਦਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

Source:Jagbani