ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਆਗਾਜ਼

October 04 2017

Date: 4 oct 2017

ਕਪੂਰਥਲਾ, 4 ਅਕਤੂਬਰ -ਕਿਸਾਨੀ ਨੂੰ ਦਰਪੇਸ਼ ਸਮੱਸਿਆਵਾਂ ਅਤੇ ਡਾਵਾਂਡੋਲ ਆਰਥਿਕਤਾ ਤੋਂ ਬਾਹਰ ਨਿਕਲਣ ਲਈ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਧਾਲੀਵਾਲ ਦੋਨਾਂ ਵਿੱਚ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂ ਧਨ ਸ਼ੋਅ ਅਤੇ ਦੁੱਧ ਚੁਆਈ ਮੁਕਾਬਲਿਆਂ ਦਾ ਉਦਘਾਟਨ ਕਰਦੇ ਹੋਏ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ।

ਸ੍ਰੀ ਚੀਮਾ ਨੇ ਫ਼ਸਲੀ ਵਿਭਿੰਨਤਾ ਅਪਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਧੰਦਿਆਂ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿ ਸਕਦੀ ਹੈ ਅਤੇ ਪਾਣੀ ਦਾ ਪੱਧਰ ਵੀ ਠੀਕ ਰਹਿ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਪਸ਼ੂ ਮੁਕਾਬਲਿਆਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਡੇਅਰੀ ਫਾਰਮਿੰਗ ਸਬੰਧੀ ਆਧੁਨਿਕ ਸਾਜ਼ੋ-ਸਾਮਾਨ ਅਤੇ ਔਜ਼ਾਰਾਂ ਦੀਆਂ ਪ੍ਰਦਰਸ਼ਨੀਆਂ ਦਾ ਮੁਆਇਨਾ ਵੀ ਕੀਤਾ। ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਪੂਰਥਲਾ ਡਾ. ਸੁੱਚਾ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ ਆਦਿ ਦੀਆਂ ਵੱਖ-ਵੱਖ ਨਸਲਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਮੇਲੇ ਵਿੱਚ ਘੋੜਿਆਂ ਅਤੇ ਵਿਲੱਖਣ ਨਸਲਾਂ ਦੇ ਕੁੱਤਿਆਂ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਰਗਾਂ ਦੇ 55 ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂਆਂ ਨੂੰ 7 ਲੱਖ ਰੁਪਏ ਦੇ ਇਨਾਮ ਵੀ ਤਕਸੀਮ ਕੀਤੇ ਜਾਣਗੇ। ਭਲਕੇ 4 ਅਕਤੂਬਰ ਨੂੰ ਇਨਾਮ ਵੰਡ ਸਮਾਰੋਹ ਹੋਵੇਗਾ, ਜਿਸ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਬਿਜਲੀ ਤੇ ਸਿੰਜਾਈ ਵਿਭਾਗ ਪੰਜਾਬ ਰਾਣਾ ਗੁਰਜੀਤ ਸਿੰਘ ਹੋਣਗੇ ਅਤੇ ਵਿਧਾਇਕ ਹਲਕਾ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਸਟੋਰੀ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
Source: Punjabi Tribune