ਆਰਡੀਨੈਂਸਾਂ ਖ਼ਿਲਾਫ਼ ਬੀਕੇਯੂ ਰਾਜੇਵਾਲ ਦੀ ਮੀਟਿੰਗ

August 05 2020

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਧੂਰੀ ਅਤੇ ਸ਼ੇਰਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਸਮੁੰਦਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਆਉਣ ਵਾਲੇ ਸਮੇਂ ਵਿੱਚ ਖੇੇਤੀ ਵਿਰੋਧੀ ਆਰਡੀਨੈਂਸਾਂ ਵਿਰੁੱਧ ਲੜਾਈ ਤੇਜ਼ ਕਰਨ ਦਾ ਫ਼ੈਸਲਾ ਕਰਦਿਆਂ ਕੇਂਦਰ ਸਰਕਾਰ ਨੂੰ ਇਨ੍ਹਾਂ ਫ਼ੈਸਲਿਆਂ ’ਤੇ ਵਿਚਾਰ ਕਰਨ ਲਈ ਕਿਹਾ ਗਿਆ।

ਬਲਾਕ ਪ੍ਰਧਾਨ ਪ੍ਰੀਤਮ ਸਿੰਘ ਬਾਦਸ਼ਾਹਪੁਰ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਕਿਸਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਵੱਲੋਂ ਆਰਡੀਨੈਂਸਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਪਿੰਡ ਦੇ ਕਿਸਾਨਾਂ ਨੂੰ ਜਾਗੂਰਕ ਕਰਨ ਲਈ ਪਿੰਡਾਂ ਵਿੱਚ ਆਰਡੀਨੈਂਸ ਵਿਰੋਧੀ ਨਾਅਰੇ ਲਿਖੇ ਜਾਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਲੜੇ ਜਾਣ ਵਾਲੇ ਵੱਡੇ ਸੰਘਰਸ਼ ਦੀ ਤਿਆਰੀ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ। ਪਿੰਡਾਂ ਵਿੱਚ ਨਵੀਂਆਂ ਇਕਾਈਆਂ ਬਣਾਈਆਂ ਜਾਣਗੀਆਂ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ):

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬਲਾਕ ਪੱਧਰੀ ਮੀਟਿੰਗ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਹੇਠ ਕੀਤੀ ਗਈ। ਇਸ ਵਿੱਚ 15 ਅਗਸਤ ਨੂੰ ਤਿੰਨ ਆਰਡੀਨੈਂਸਾਂ ਦੀਆਂ ਕਾਪੀਆਂ ਫੂਕਣ ਦਾ ਫ਼ੈਸਲਾ ਕੀਤਾ ਗਿਆ ਹੈ। ਇੱਥੇ ਮਾਰਕੀਟ ਕਮੇਟੀ ਵਿਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਕਿਸਾਨ ਰੋਸ ਵਜੋਂ 15 ਅਗਸਤ ਨੂੰ ਕਾਲੇ ਝੰਡੇ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਦੀਆਂ ਕਾਪੀਆਂ ਫੂਕਣਗੇ। ਉਨ੍ਹਾਂ ਕਿਹਾ ਕਿ ਜਿਸ ਅਜ਼ਾਦੀ ਵਿੱਚ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਗਏ ਹਨ, ਉਸ ਨੂੰ ਅਜ਼ਾਦੀ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਤਿੰਨ ਆਰਡੀਨੈਂਸਾਂ ਨਾਲ ਕਿਸਾਨੀ ਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune