ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਡਾ ਐਲਾਨ

July 27 2020

ਕੇਂਦਰੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅੱਜ ਸੂਬਾ ਕਮੇਟੀ ਦੀ ਮੀਟਿੰਗ ਵਿਚ ਇਨ੍ਹਾਂ ਰੱਦ ਕਰਾਉਣ ਵਾਸਤੇ 7 ਸਤੰਬਰ ਤੋਂ ਸੂਬੇ ਵਿਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਪੱਕੇ ਧਰਨੇ ਲਾਉਣ ਅਤੇ ਜੇਲ੍ਹ ਭਰੋ ਮੋਰਚਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪਨੂੰ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ ਅੱਜ ਸੂਬਾ ਕਮੇਟੀ ਦੀ ਮੀਟਿੰਗ ਵਿਚ ਕੇਂਦਰੀ ਬਿੱਲ ਰੱਦ ਕਰਾਉਣ ਲਈ ਤਿੱਖਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 7 ਸਤੰਬਰ ਤੋਂ ਸੂਬੇ ਦੇ 9 ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦੇ ਬਾਹਰ ਪੱਕੇ ਧਰਨੇ ਲਾਏ ਜਾਣਗੇ ਤੇ ਮਗਰੋਂ ਜੇਲ੍ਹ ਭਰੋ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਰੋਜ਼ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ। ਜੇ ਸਰਕਾਰ ਨੇ ਗ੍ਰਿਫ਼ਤਾਰ ਨਾ ਕੀਤਾ ਤਾਂ ਹੋਰ ਤਿੱਖੇ ਐਕਸ਼ਨ ਦਾ ਫੈਸਲਾ ਕੀਤਾ ਜਾਵੇਗਾ। ਲੋਕਾਂ ਨੂੰ ਲਾਮਬੰਦ ਕਰਨ ਲਈ 31 ਜੁਲਾਈ ਤਕ ਜ਼ਿਲ੍ਹਾ ਮੀਟਿੰਗਾਂ ਕੀਤੀਆਂ ਜਾਣਗੀਆਂ, 3 ਤੋਂ 10 ਅਗਸਤ ਤਕ ਜ਼ਿਲ੍ਹਿਆਂ ਵਿੱਚ ਜਨਤਕ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਅਤੇ 15 ਤੋਂ 30 ਅਗਸਤ ਤਕ ਪਿੰਡਾਂ ਵਿਚ ਰੋਸ ਮਾਰਚ ਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗੂਰਕ ਕੀਤਾ ਜਾਵੇਗਾ। ਮੀਟਿੰਗ ਵਿਚ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾਂ , ਗੁਰਲਾਲ ਸਿੰਘ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿਧਵਾਂ, ਇੰਦਰਜੀਤ ਸਿੰਘ ਫਿਰੋਜ਼ਪੁਰ ਤੇ ਹੋਰ ਸ਼ਾਮਲ ਸਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune