ਕਿਸਾਨ ਹੋਏ ਬਾਗੀ: 13 ਜੂਨ ਤੋਂ ਪਹਿਲਾਂ ਹੀ ਝੋਨਾ ਲਾਉਣ ਦੇ ਚੁੱਕੇ ਫੱਟੇ

June 07 2019

ਪੰਜਾਬ ਸਰਕਾਰ ਵੱਲੋਂ ਬੇਸ਼ੱਕ ਕਿਸਾਨਾਂ ਨੂੰ 13 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਸੀ ਪਰ ਇਨ੍ਹਾਂ ਹੁਕਮਾਂ ਦੇ ਉਲਟ ਕਿਸਾਨਾਂ ਨੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਮੌੜ ਖੁਰਦ, ਮਾੜੀ, ਚੜ੍ਹਤ ਸਿੰਘ ਮੌੜ ਆਦਿ ਪਿੰਡਾਂ ਵਿੱਚ ਝੋਨੇ ਦੀ ਲਵਾਈ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਅਧਿਕਾਰੀਆਂ ਤੋਂ ਬੇਫਿਕਰ ਰਹਿਣ ਦਾ ਭਰੋਸਾ ਵੀ ਦਿੱਤਾ।

ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਆਏ ਦਿਨ ਨਵੇਂ ਕਾਨੂੰਨ ਥੋਪ ਰਹੀ ਹੈ, ਜਦਕਿ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਲੀਡਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਜਥੇਬੰਦੀ ਸਖ਼ਤ ਸਟੈਂਡ ਲਵੇਗੀ। ਕਿਸਾਨਾਂ ਨੇ ਵੀ ਕਿਹਾ ਕਿ ਜੇਕਰ ਸਾਡੇ ਖੇਤਾਂ ਵਿੱਚ ਖੇਤੀਬਾੜੀ ਦਫ਼ਤਰ ਜਾਂ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਆਉਂਦਾ ਹੈ, ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 20 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰਨ ਲਈ ਕਿਹਾ ਸੀ, ਪਰ ਕਿਸਾਨਾਂ ਵੱਲੋਂ ਸੰਘਰਸ਼ ਕਰਨ ਦੇ ਬਾਅਦ ਮੁੱਖ ਮੰਤਰੀ ਨੇ ਝੋਨਾ ਲਾਉਣ ਦਾ ਦਿਨ 13 ਜੂਨ ਐਲਾਨ ਦਿੱਤਾ ਹੈ ਪਰ ਕਿਸਾਨਾਂ ਨੇ ਇਸ ਨੂੰ ਰੱਦ ਕਰ ਦਿੱਤਾ ਤੇ ਪਹਿਲੀ ਜੂਨ ਤੋਂ ਹੀ ਝੋਨਾ ਬੀਜਣਾ ਸ਼ੁਰੂ ਕਰ ਦਿੱਤਾ ਸੀ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਏ.ਬੀ.ਪੀ. ਸਾਂਝਾ