ਕਿਸਾਨਾਂ ਨੇ ਅਗੇਤਾ ਝੋਨਾ ਲਾਉਣ ਦੀ ਇਜਾਜ਼ਤ ਮੰਗੀ

April 05 2019

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਰਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਜਿਸ ਵਿੱਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਵੀ ਭਾਗ ਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨਾਦਰਸ਼ਾਹੀ ਹਦਾਇਤਾਂ ਕਿਸਾਨ ਮਾਰੂ ਹਨ। ਉਨ੍ਹਾਂ ਕਿਹਾ ਕਿ ਕੰਬਾਇਨਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਐਸ.ਐਮ.ਐਸ ਲਗਾਉਣੇ ਜ਼ਰੂਰੀ ਕੀਤੇ ਗਏ ਹਨ ਜਦੋਂਕਿ ਇਸ ਨਾਲ ਕਣਕ ਦਾ ਨਾੜ ਖੇਤ ਵਿੱਚ ਬਿੱਖਰ ਜਾਂਦਾ ਹੈ ਅਤੇ ਤੁੜੀ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਇਸ ਤਰੀਕੇ ਨਾਲ ਕਣਕ ਦੀ ਕਟਾਈ ਲੇਟ ਹੋਵੇਗੀ ਅਤੇ ਦੋ ਮਹੀਨੇ ਵਿੱਚ ਪੂਰੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਹੁਕਮਾਂ ਨੂੰ ਵਾਪਿਸ ਲਏ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੀ ਲਗਾਈ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਅਤੇ ਝੋਨਾ 5 ਜੂਨ ਤੋਂ ਲਗਾਉਣ ਦੀ ਇਜਾਜ਼ਤ ਹੋਵੇ, ਉਨ੍ਹਾਂ ਮੰਗ ਕੀਤੀ ਕਿ ਦੁੱਧ ਦੇ ਰੇਟ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੇ ਸੀਜ਼ਨ ਵਿੱਚ ਬਹੁਤ ਥਾਵਾਂ ਉਤੇ ਅੱਗ ਲੱਗ ਜਾਂਦੀ ਹੈ, ਇਸ ਲਈ ਜ਼ਰੂਰੀ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਬ ਡਵੀਜ਼ਨ ਹੈਡਕੁਆਟਰਾਂ ’ਤੇ ਖੜ੍ਹੀਆਂ ਕੀਤੀਆਂ ਜਾਣ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ