ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਿਉਂ ਨਹੀਂ ਕਰਦੀ : ਕਿਸਾਨ ਆਗੂ

March 13 2019

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪਰ ਬਲਾਕ ਗਿੱਦੜਬਾਹਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਗੋਰਾ ਸਿੰਘ ਫ਼ਕਰਸਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਚ ਪ੍ਰਧਾਨ ਸੁਖਦੇਵ ਸਿੰਘ ਬੂੜਾਗੁੱਜਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਦੱਸਦਿਆਂ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਦਾ ਫੈਸਲਾ ਲਿਆ ਅਤੇ ਬਲਾਕ ਪੱਧਰ ਤੇ ਕਾਲਾ ਦਿਨ ਮਨਾਉਣ ਦੀ ਗੱਲ ਰਹੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਸਨ, ਜਿਨਾਂ ਨੂੰ ਸਰਕਾਰ ਨੇ ਅੱਜ ਤੱਕ ਪੂਰਾ ਨਹੀਂ ਕੀਤਾ। 

ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਦਿੱਲੀ ਦੀ ਸਰਕਾਰ ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਨਾਲ ਦੇ ਸਕਦੀ ਹੈ ਤਾਂ ਕੇਂਦਰ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਿਉਂ ਨਹੀਂ ਕਰਦੀ। ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਲੀ ਸਰਕਾਰ ਦੀ ਤਰਜ਼ ਤੇ ਦੇਵੇ। ਇਸ ਮੌਕੇ ਆਵਾਰਾ ਪਸ਼ੂ, ਜੋ ਕਿਸਾਨਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਕਰਦੇ ਹਨ, ਦਾ ਸਥਾਈ ਹੱਲ ਕਰਨ ਅਤੇ ਟਰੈਕਟਰ ਜਿਸ ਨੂੰ ਕਿਸਾਨਾਂ ਦਾ ਗੱਡਾ ਕਿਹਾ ਜਾਂਦਾ ਹੈ, ਦੀ ਆਰ.ਸੀ. ਬਣਾਉਣ ਸਮੇਂ ਕੀਤੀ ਜਾਂਦੀ ਲੁੱਟ ਤੁਰੰਤ ਬੰਦ ਕਰਨ, ਟਰਾਂਸਫਾਰਮਰ ਚੋਰੀ ਕਰਨ ਵਾਲੇ ਗਿਰੋਹਾਂ ਨੂੰ ਤੁਰੰਤ ਕਾਬੂ ਕਰਨ ਅਤੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਅਤੇ ਅਜਿਹਾ ਨਾ ਹੋਣ ਤੇ ਉਨ੍ਹਾਂ ਵਲੋਂ ਵੱਡਾ ਸਘੰਰਸ਼ ਕੀਤਾ ਜਾਵੇਗਾ। ਇਸ ਮੌਕੇ ਨਾਨਕ ਸਿੰਘ ਫਕਰਸਰ, ਸੁਖਚੈਨ ਸਿੰਘ, ਬਲਵਿੰਦਰ ਸਿੰਘ, ਗੋਰਾ ਸਿੰਘ, ਰਾਜਾ ਸਿੰਘ, ਮਿੱਠੂ ਸਿੰਘ, ਗੁਰਮੇਲ ਸਿੰਘ, ਭਿੰਦਰ ਸਿੰਘ ਆਦਿ ਹਾਜ਼ਰ ਸਨ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Jagbani