ਖੜੋਲਾ ’ਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ

August 06 2020

ਇਸ ਖੇਤਰ ਦੇ ਕਿਸਾਨਾਂ ਅਤੇ ਯੂਥ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੁਆਰਾ ਜਾਰੀ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਨੇੜਲੇ ਅੱਧਾ ਦਰਜਨ ਪਿੰਡਾਂ ਦੇ ਕਿਸਾਨਾਂ ਅਤੇ ਯੂਥ ਕਾਂਗਰਸ ਕਾਰਕੁਨਾਂ ਨੇ ਪਿੰਡ ਖੜੋਲਾ ਵਿੱਚ ਕਾਂਗਰਸ ਕਿਸਾਨ ਸੈਲ ਤਹਿਸੀਲ ਰਾਜਪੁਰਾ ਦੇ ਪ੍ਰਧਾਨ ਅਮਰ ਸਿੰਘ ਮਿਰਜਾਂਪੁਰ, ਬਲਾਕ ਸੰਮਤੀ ਮੈਂਬਰ ਨੰਦ ਲਾਲ ਉੜਦਣ, ਯੂਥ ਕਾਂਗਰਸ ਆਗੂ ਅਜੀਤ ਸਿੰਘ ਧੁੰਮਾ ਅਤੇ ਰਣਧੀਰ ਸਿੰਘ ਕੋਟਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਮਿਲਟੀ ਅਤੇ ਕਾਂਗਰਸ ਕਿਸਾਨ ਸੈੱਲ ਦੇ ਤਹਿਸੀਲ ਪ੍ਰਧਾਨ ਅਮਰ ਸਿੰਘ ਮਿਰਜਾਂਪੁਰ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਕਾਰਨ ਰਾਜ ਦਾ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ।

ਕੇਂਦਰ ਸਰਕਾਰ ਵੱਲੋਂ ਅਜਿਹੇ ਆਰਡੀਨੈਂਸ ਜਾਰੀ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਨ੍ਹਾਂ ਆਰਡੀਨੈਂਸਾਂ ਕਾਰਨ ਰਾਜ ਦੀ ਮੰਡੀਕਰਨ ਵਿਵਸਥਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਜਾਵੇਗੀ, ਜਿਸ ਦਾ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ’ਤੇ ਮਾਰੂ ਪ੍ਰਭਾਵ ਪਵੇਗਾ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੁਆਰਾ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਨਾਲ ਮਹਿੰਗਾਈ ਹੋ ਵਧੇਗੀ, ਜਿਸ ਤੋਂ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪਾਸ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸ ਵਾਪਸ ਲਵੇ ਤੇ ਤੇਲ ਕੀਮਤਾਂ ਘਟਾਈਆ ਜਾਣ।

ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਡਟਿਆ ਭਾਰਤੀ ਕਿਸਾਨ ਮੰਚ

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ):

ਅੱਜ ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਦੀ ਆਪਸੀ ਏਕਤਾ ਤੋਂ ਬਿਨਾਂ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਨੀ ਔਖੀ ਹੈ। ਇਸ ਕਰਕੇ ਸਾਰੀਆਂ ਕਿਸਾਨ ਹਿਤੈਸ਼ੀ ਅਤੇ ਸਮੂਹ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠਾ ਕੀਤਾ ਜਾਵੇਗਾ। ਇਸ ਲੜੀ ਤਹਿਤ ਅਜਮੇਰ ਸਿੰਘ ਲੱਖੋਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਆਪਣੇ ਸਾਥੀਆਂ ਸਮੇਤ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਰੀਆਂ ਜਥੇਬੰਦੀਆਂ ਨੂੰ ਇੱਕ ਮੰਚ ਤੇ ਇਕੱਠਿਆਂ ਕਰਨ ਦੇ ਮਿਸ਼ਨ ਬਾਰੇ ਦੱਸਿਆ। ਇਸ ਮੌਕੇ ਲੱਖੋਵਾਲ ਨੇ ਇਸ ਪ੍ਰਤੀ ਪੂਰਾ ਵਿਸ਼ਵਾਸ ਦੁਆਇਆ ਕਿ ਉਹ ਸਾਰੇ ਆਹੁਦੇ ਤਿਆਗ ਕੇ ਕਿਸਾਨਾਂ ਲਈ ਦਿਨ-ਰਾਤ ਕੰਮ ਕਰਨ ਲਈ ਤਿਆਰ ਹਨ। ਇਸ ਮੌਕੇ ਸ਼ਾਦੀਪੁਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਆਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਕੁਝ ਹੋਰ ਜਥੇਬੰਦੀਆਂ ਦੇ ਆਗੂਆਂ ਨਾਲ ਰਾਬਤਾ ਕੀਤਾ, ਜਿਨ੍ਹਾਂ ਨੇ ਏਕਤਾ ਸਬੰਧੀ ਵਿਸ਼ਵਾਸ ਦੁਆਇਆ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਲ ਕੇ ਇੱਕ ਸਾਂਝੀ ਮੀਟਿੰਕ ਕੀਤੀ ਜਾਵੇਗੀ ਤਾਂ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਖਿਲਾਫ ਅਗਲੀ ਰਣਨੀਤੀ ਤਹਿ ਕੀਤੀ ਜਾ ਸਕੇ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune