ਹੁਣ ਪੰਜਾਬ ਚ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਹੋਵੇਗਾ ਫਾਇਦਾ

November 11 2022

 ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਹੀ ਕਾਰਨ ਹੈ ਕਿ ਹੁਣ ਸਰਕਾਰ ਸੂਬੇ ਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪ੍ਰਾਜੈਕਟ ਲਗਾਉਣ ਦੀ ਤਿਆਰੀ ਚ ਹੈ। ਇਹ ਕਹਿਣਾ ਹੈ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ, ਜੋ ਵੀਰਵਾਰ ਨੂੰ ਸਬ-ਡਿਵੀਜ਼ਨ ਖਮਾਣੋਂ ਦੇ ਸੰਘੋਲ ਵਿੱਚ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਲ-ਅਰਬਨ ਮਿਸ਼ਨ ਤਹਿਤ 4.37 ਕਰੋੜ ਦੀ ਲਾਗਤ ਨਾਲ ਬਣੇ ਦੇਸ਼ ਦੇ ਦੂਜੇ ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ।
ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟ ਲੋਕ ਅਰਪਣ
ਪੇਂਡੂ ਵਿਕਾਸ ਤੇ ਪੰਚਾਇਤ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੱਲ੍ਹ ਯਾਨੀ ਵੀਰਵਾਰ ਨੂੰ ਦੂਜੇ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟ ਨੂੰ ਲੋਕ ਅਰਪਣ ਕਰ ਦਿੱਤਾ। ਦੱਸ ਦੇਈਏ ਕਿ ਖੇਤੀਬਾੜੀ ਮੰਤਰੀ ਧਾਲੀਵਾਲ ਸੰਘੋਲ ਵਿਖੇ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂਰਲ-ਅਰਬਨ ਮਿਸ਼ਨ ਤਹਿਤ 4.37 ਕਰੋੜ ਦੀ ਲਾਗਤ ਨਾਲ ਬਣੇ ਦੇਸ਼ ਦੇ ਦੂਜੇ ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲੋਕ ਹਿੱਤ ਵਿੱਚ ਕੰਮ ਕਰ ਰਹੀ ਹੈ। ਜਿਸਦੇ ਚਲਦਿਆਂ ਸਰਕਾਰ ਵੱਲੋਂ ਵੱਡੇ ਕਦਮ ਵੀ ਪੁੱਟੇ ਜਾ ਰਹੇ ਹਨ।
ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਚ ਜੈਵਿਕ ਖੇਤੀ ਬਹੁਤ ਜ਼ਰੂਰੀ ਅਤੇ ਸਮੇਂ ਦੀ ਮੁੱਖ ਲੋੜ ਵੀ ਹੈ, ਕਿਉਂਕਿ ਜਿਸ ਤੇਜ਼ੀ ਨਾਲ ਖੇਤੀ ਚ ਕੀਟਨਾਸ਼ਕਾਂ ਤੇ ਰਸਾਇਣਾਂ ਦੀ ਵਰਤੋਂ ਹੋ ਰਹੀ ਹੈ, ਉਸ ਨਾਲ ਮਨੁੱਖੀ ਸਿਹਤ ਨੂੰ ਕਈ ਤਰ੍ਹਾਂ ਦੀਆਂ ਖ਼ਤਰਨਾਕ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਜੈਵਿਕ ਖੇਤੀ ਕਰਕੇ ਹੀ ਮਨੁੱਖੀ ਤੰਦਰੁਸਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ।
ਪੰਜਾਬ ਐਗਰੋ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਦੇ ਉਦਘਾਟਨ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੰਘੋਲ ਦੀ ਧਰਤੀ ਤੇ ਦੇਸ਼ ਦਾ ਇਹ ਦੂਜਾ ਯੂਨਿਟ ਹੈ। ਇਸ ਨਾਲ ਸੂਬੇ ਦੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਕੇਂਦਰ ਨਾਲ ਗੱਲ ਕਰ ਕੇ ਪੰਜਾਬ ਅੰਦਰ ਅਜਿਹੇ ਯੂਨਿਟ ਹੋਰ ਲਗਾਉਣ ਦੀ ਮੰਗ ਕਰਨਗੇ।
ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਲਾਕੇ ਦੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਵੀ ਕੀਤਾ। ਇਸ ਤੋਂ ਇਲਾਵਾ ਧਾਲੀਵਾਲ ਨੇ ਆਰ-ਅਰਬਰਨ ਮਾਰਕੀਟ ਸੰਘੋਲ ਦੀਆਂ 12 ਦੁਕਾਨਾਂ ਤੇ ਸੈਨੇਟਰੀ ਪੈਡ ਮੇਕਿੰਗ ਤੇ ਪੈਕਿੰਗ ਯੂਨਿਟ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਧਾਲੀਵਾਲ ਨੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਲੋਕਾਂ ਨੂੰ ਆਮਦਨੀ ਭਰੇ ਸਰੋਤ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Krishi jagran