ਦੁੱਧ ਦੇ ਭਾਅ ਵਧਾਉਣ ਤੇ ਨਹੀਂ ਬਣੀ ਸਹਿਮਤੀ, ਸਰਕਾਰ ਨਾਲ ਕੱਲ੍ਹ ਮੁੜ ਹੋਏਗੀ ਡੇਅਰੀ ਫਾਰਮਰਜ਼ ਦੀ ਮੀਟਿੰਗ

May 23 2022

ਦੁੱਧ ਦੇ ਭਾਅ ਤੇ ਹੋਰ ਮੰਗਾਂ ਨੂੰ ਲੈ ਕੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹੋਈ। ਮੀਟਿੰਗ ਵਿੱਚ ਕੋਈ ਸਿੱਟਾ ਨਹੀਂ ਨਿਕਲਿਆ ਇਸ ਲਈ ਕੱਲ੍ਹ ਸ਼ਾਮ ਚਾਰ ਵਜੇ ਮੁੜ ਮੀਟਿੰਗ ਹੋਵੇਗੀ।
ਮੀਟਿੰਗ ਮਗਰੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੇ ਕਿਹਾ ਕਿ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐਫਏ) ਦੇ ਲੀਡਰਾਂ ਨਾਲ ਮੀਟਿੰਗ ਹੋਈ ਹੈ ਉਮੀਦ ਹੈ ਕਿ ਮਾਮਲਾ ਜਲਦੀ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ 20 ਰੁਪਏ ਪ੍ਰਤੀ ਕਿਲੋ ਫੈਟ ਰੇਟ ਵਧਾਇਆ ਹੈ।
ਉਧਰ, ਪੀਡੀਐਫਏ ਦੇ ਪ੍ਰਧਾਨ ਦਲਜੀਤ ਸਿੰਘ ਨੇ ਕਿਹਾ ਕਿ ਮੀਟਿੰਗ ਹਾਂ-ਪੱਖੀ ਰਹੀ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕੱਲ੍ਹ ਨੂੰ ਦੁਬਾਰਾ ਮਿਲਣਗੇ। ਉਨ੍ਹਾਂ ਕਿਹਾ ਕਿ ਬੈਠਕ ਚ ਸਰਕਾਰ ਨੇ ਕਿਹਾ ਕਿ ਅਸੀਂ ਜਿੱਥੋਂ ਪੈਸਾ ਇਕੱਠਾ ਕਰਨਾ ਹੈ, ਉਸ ਲਈ ਡਾਟਾ ਇਕੱਠਾ ਕਰਨਾ ਹੈ, ਇਸ ਲਈ ਕੁਝ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਲਕੇ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਦਾ ਇੱਕੋ ਇੱਕ ਰਸਤਾ ਬਚਿਆ ਹੈ।
ਪੰਜਾਬ ਸਰਕਾਰ ਵੱਲੋਂ ਮਿਲਕਫੈੱਡ ਦੇ ਐਮਡੀ ਕਮਲਦੀਪ ਸਿੰਘ ਸੰਘਾ ਨੂੰ ਗੱਲਬਾਤ ਕਰਕੇ ਮਸਲੇ ਦਾ ਹੱਲ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਸੀ। ਅਧਿਕਾਰੀ ਨੇ ਧਰਨੇ ਵਿੱਚ ਪਹੁੰਚ ਕੇ ਦੱਸਿਆ ਕਿ ਮਿਲਕਫੈੱਡ ਪਹਿਲਾਂ ਹੀ ਖ਼ਰੀਦ ਭਾਅ 20 ਰੁਪਏ ਪ੍ਰਤੀ ਕਿੱਲੋ ਫੈਟ ਵਧਾ ਚੁੱਕਾ ਹੈ। ਹੁਣ ਵੀ ਇਸ ’ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: ABP sanjha