ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਤੋਂ ਵਧਾ ਕੇ 12.5 ਲੱਖ ਏਕੜ ਕਰਨ ਲਈ ਪੁਖਤਾ ਪ੍ਰਬੰਧ

April 20 2020

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤੇ ਖੇਤੀਬਾੜੀ ਵਿਭਾਗ ਨੇ ਸੂਬਾ ਸਰਕਾਰ ਦੇ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਤਹਿਤ ਸਾਲ 2020 ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਕਰਨ ਦੀ ਯੋਜਨਾ ਉਲੀਕੀ ਹੈ ਜਿਸ ਲਈ ਬੀ.ਟੀ. ਕਾਟਨ ਬੀਜ ਅਤੇ ਹੋਰ ਢੁਕਵੀਆਂ ਲਾਗਤਾਂ ਲਈ ਪੁਖਤਾ ਪ੍ਰਬੰਧ ਕੀਤ ਜਾ ਚੁੱਕੇ ਹਨ।

ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਪੰਜਾਬ ਦੇ ਦੱਖਣੀ ਪੱਛਮੀ ਜ਼ਿਲ੍ਹਿਆਂ ਵਿੱਚ ਨਰਮਾ, ਸਾਉਣੀ ਦੀ ਦੂਜੀ ਵੱਡੀ ਰਵਾਇਤੀ ਫ਼ਸਲ ਹੈ ਅਤੇ ਸਮੇਂ-ਸਮੇਂ ਤੇ ਰੁਝਾਨ ਬਦਲਣ ਕਰਕੇ ਇਹ ਬੜੀ ਨਾਜ਼ੁਕ ਨਕਦੀ ਵਾਲੀ ਫ਼ਸਲ ਹੈ। ਇਸੇ ਕਰਕੇ ਖੇਤੀਬਾੜੀ ਵਿਭਾਗ ਨੇ ਫ਼ਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਪੜਾਅਵਾਰ ਢੰਗ ਨਾਲ ਲਾਗੂ ਕਰਕੇ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਅਤੇ ਨਰਮੇ ਹੇਠ ਲਿਆਉਣ ਲਈ ਵਿਆਪਕ ਰਣਨੀਤੀ ਬਣਾਈ ਹੈ।

ਦੱਸਣਯੋਗ ਹੈ ਕਿ ਸਾਲ 2018 ਦੌਰਾਨ 6.62 ਲੱਖ ਏਕੜ ਰਕਬਾ ਨਰਮੇ ਦੀ ਕਾਸ਼ਤ ਹੇਠ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਸਾਲ 2019 ਵਿੱਚ ਇਸ ਰਕਬੇ ਨੂੰ ਵਧਾ ਕੇ 9.7 ਲੱਖ ਏਕੜ ਤੱਕ ਲਿਆਂਦਾ ਗਿਆ। ਇਸੇ ਤਰ੍ਹਾਂ ਖੇਤੀਬਾੜੀ ਵਿਭਾਗ ਨੇ ਮੌਜੂਦਾ ਸਾਲ ਨਰਮੇ ਦੀ ਕਾਸ਼ਤ ਹੇਠ ਰਕਬਾ 9.7 ਲੱਖ ਏਕੜ ਤੋਂ ਵਧਾ ਕੇ 12.5 ਲੱਖ ਏਕੜ ਕਰਨ ਦੀ ਯੋਜਨਾ ਬਣਾਈ ਹੈ।

ਨਰਮੇ ਦੀ ਸਮੇਂ ਸਿਰ ਬਿਜਾਈ ਲਈ ਬੀ.ਟੀ. ਕਾਟਨ ਬੀਜ ਦੇ 21.5 ਲੱਖ ਪੈਕੇਟ ਖ਼ਰੀਦੇ

ਨਰਮੇ ਦੀ ਬਿਜਾਈ ਦੇ ਆਗਾਮੀ ਸੀਜ਼ਨ ਲਈ ਕੀਤੀਆਂ ਤਿਆਰੀਆਂ ਬਾਰੇ ਵਿਸਥਾਰ ਚ ਜਾਣਕਾਰੀ ਦਿੰਦਿਆਂ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਵਿਭਾਗ ਨੇ ਮਿੱਥੇ ਹੋਏ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਪ੍ਰਬੰਧ ਕਰ ਲਏ ਹਨ ਅਤੇ ਸੂਬਾ ਸਰਕਾਰ ਨੇ ਬੀਜ ਤਿਆਰ ਕਰਨ ਵਾਲੀਆਂ ਮੁਲਕ ਦੀਆਂ ਮੋਹਰੀ ਕੰਪਨੀਆਂ ਪਾਸੋਂ ਬੀ.ਟੀ. ਕਾਟਨ ਦੇ 21.5 ਲੱਖ ਪੈਕੇਟਾਂ ਦੀ ਵਿਵਸਥਾ ਵੀ ਕਰ ਲਈ ਹੈ।

ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫਸਰ-ਕਮ-ਨੋਡਲ ਅਫ਼ਸਰਾਂ ਨੂੰ ਨਹਿਰਾਂ/ਸੇਮ ਨਾਲਿਆਂ ਦੀ ਸਫਾਈ ਲਈ ਨਹਿਰੀ/ਡਰੇਨੇਜ਼ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ ਤਾਂ ਕਿ ਨਰਮੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਵਧੀਕ ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰਾਂ ਅਤੇ ਸਟਾਫ ਨੂੰ ਸੂਬੇ ਵਿੱਚ ਅਣਅਧਿਕਾਰਤ ਨਕਲੀ ਬੀਜ ਦੀ ਸਮਗਲਿੰਗ ਤੇ ਕਰੜੀ ਨਜ਼ਰ  ਰੱਖਣ ਲਈ ਆਖਿਆ ਗਿਆ ਹੈ। 


ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਹਿੰਦੁਸਤਾਨ ਟਾਇਮਸ ਪੰਜਾਬੀ