ਨਰਮੇ ਹੇਠ 4 ਲੱਖ ਹੈਕਟੇਅਰ ਰਕਬਾ ਲਿਆਉਣ ਦਾ ਟੀਚਾ

April 27 2019

ਖੇਤੀਬਾੜੀ ਵਿਭਾਗ ਵੱਲੋ ਮਾਲਵਾ ਖੇਤਰ ਦੇ 8 ਜ਼ਿਲ੍ਹਿਆਂ ਵਿਚ ਇਸ ਵਾਰ 4 ਲੱਖ ਹੈਕਟੇਅਰ ਰਕਬੇ ਵਿਚ ਨਰਮੇ ਦੀ ਫਸਲ ਬੀਜਣ ਦਾ ਟੀਚਾ ਐਲਾਨਿਆ ਗਿਆ ਹੈ। ਖੇਤੀ ਮਹਿਕਮੇ ਵੱਲੋਂ ਇਸ ਵਾਰ ਨਰਮੇ ਦੀ ਬਿਜਾਈ 4 ਲੱਖ ਹੈਕਟੇਅਰ ਰਕਬੇ ਵਿਚ ਜ਼ੋਰ-ਸ਼ੋਰ ਨਾਲ ਬਿਜਾਉਣ ਦੀ ਵਿਉਂਤਬੰਦੀ ਕੀਤੀ ਗਈ ਹੈ, ਜਿਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੀ ਪ੍ਰਧਾਨਗੀ ਹੇਠ ਮਾਨਸਾ ਵਿਖੇ ਇਕ ਮੀਟਿੰਗ ਕੀਤੀ ਗਈ ਹੈ, ਜਿਸ ਵਿਚ 8 ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਵੱਲੋਂ ਭਾਗ ਲਿਆ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਵਿਚ ਮਾਨਸਾ ਤੋਂ ਇਲਾਵਾ, ਬਠਿੰਡਾ, ਸੰਗਰੂਰ, ਬਰਨਾਲਾ, ਮੋਗਾ, ਮੁਕਤਸਰ, ਫਾਜ਼ਿਲਕਾ ਅਤੇ ਫਰੀਦਕੋਟ ਸ਼ਾਮਲ ਹਨ।

ਮੁੱਖ ਖੇਤੀਬਾੜੀ ਅਫਸਰਾਂ ਨੂੰ ਸੰਬੋਧਨ ਕਰਦਿਆਂ ਡਾ. ਸੁਤੰਤਰ ਕੁਮਾਰ ਐਰੀ ਨੇ ਮਿਥੇ ਟੀਚੇ ਨੂੰ ਪੂਰਾ ਕਰਨ ਲਈ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਵਧਾਉਣ ਸਬੰਧੀ ਉਤਸ਼ਾਹਿਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਨਰਮੇ ਦਾ ਮਿਆਰੀ ਤੇ ਮਨਜ਼ੂਰਸ਼ੁਦਾ ਬੀਜ ਮੁਹੱਈਆ ਕਰਵਾਉਣ ਲਈ ਡੀਲਰਾਂ ਦੀਆਂ ਦੁਕਾਨਾਂ ਦੀ ਨਿਰੰਤਰ ਚੈਕਿੰਗ ਕਰਨ ਦੀ ਹਦਾਇਤ ਵੀ ਕੀਤੀ।

ਸੰਯੁਕਤ ਡਾਇਰੈਕਟਰ ਖੇਤੀਬਾੜੀ (ਨਗਦੀ ਫਸਲਾਂ) ਪੰਜਾਬ ਡਾ. ਪਰਮਿੰਦਰ ਸਿੰਘ ਨੇ ਨਰਮੇ ਦੀ ਫਸਲ ਨੂੰ ਕਾਮਯਾਬ ਬਣਾਉਣ ਲਈ ਸੁਝਾਅ ਦਿੱਤੇ।

ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿਚ ਇਸ ਸਾਲ ਨਰਮੇ ਦੀ ਫਸਲ ਅਧੀਨ ਰਕਬਾ 80000 ਹੈੱਕਟੇਅਰ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ, ਜਦੋਂ ਕਿ ਬਠਿੰਡਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਾਦਿੱਤਾ ਸਿੰਘ ਸਿੱਧੂ ਨੇ ਦੱਸਿਆ ਕਿ ਉਸ ਜ਼ਿਲ੍ਹੇ ਵਿੱਚ 1.40 ਲੱਖ ਹੈੱਕਟੇਅਰ ਰਕਬਾ ਨਰਮੇ ਦੀ ਫਸਲ ਅਧੀਨ ਆਉਣ ਦੀ ਸੰਭਾਵਨਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਪੰਜਾਬੀ ਟ੍ਰਿਬਿਊਨ