ਪੰਜਾਬ ਚ ਲੰਪੀ ਸਕਿਨ ਦਾ ਕਹਿਰ,ਹੱਦਾਂ ਕੀਤੀਆਂ ਸੀਲ, ਪਸ਼ੂ ਮੇਲਿਆਂ ਤੇ ਵੀ ਲੱਗੀ ਰੋਕ, ਦੁੱਧ ਦੀ ਸਪਲਾਈ ਵੀ ਪ੍ਰਭਾਵਿਤ

August 12 2022

ਚੰਡੀਗਡ਼੍ਹ : ਪਸ਼ੂਆਂ ’ਚ ਫੈਲੇ ਲੰਪੀ ਚਮਡ਼ੀ ਰੋਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਪੰਜਾਬ ਦੀਆਂ ਹੱਦਾਂ ਸੀਲ ਕਰਨ ਦਾ ਹੁਕਮ ਦਿੱਤਾ ਹੈ। ਬਿਮਾਰੀ ਦੇ ਖ਼ਾਤਮੇ ਤੱਕ ਸੂਬੇ ’ਚ ਪਸ਼ੂ ਮੇਲਿਆਂ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਬਿਮਾਰੀ ਕਾਰਨ ਪੈਦਾ ਹੋਏ ਹਾਲਾਤ ’ਤੇ ਨਜ਼ਰ ਰੱਖਣ ਲਈ ਇਕ ਮੰਤਰੀ ਸਮੂਹ ਦਾ ਵੀ ਗਠਨ ਕਰ ਦਿੱਤਾ ਹੈ।
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਲੰਬੀ ਚਮਡ਼ੀ ਰੋਗ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਤਰਨਤਾਰਨ ਜ਼ਿਲ੍ਹੇ ਇਸ ਬਿਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਬਿਮਾਰੀ ਹੋਰ ਸੂਬਿਆਂ ਤੋਂ ਫੈਲੀ ਹੈ। ਇਸ ਲਈ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਹੋਰ ਸੂਬਿਆਂ ਤੋਂ ਪੰਜਾਬ ’ਚ ਪਸ਼ੂਆਂ ਦੇ ਦਾਖ਼ਲੇ ਨੂੰ ਰੋਕਣ ਲਈ ਸੂਬੇ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਇਸ ਬਿਮਾਰੀ ’ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਪਸ਼ੂ ਮੇਲਾ ਕਰਵਾਉਣ ’ਤੇ ਪੂਰੀ ਪਾਬੰਦੀ ਰਹੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਹਾਲਾਤ ਦੀ ਨਿਗਰਾਨੀ ਲਈ ਮੰਤਰੀਆਂ ਦੀ ਗਠਿਤ ਕੀਤੀ ਗਈ ਹੈ। ਇਸ ਟੀਮ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਹੋਣਗੇ। ਇਸ ਟੀਮ ਨੂੰ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਮਾਹਰ ਤੇ ਅਧਿਕਾਰੀ ਸਹਿਯੋਗ ਦੇਣਗੇ। ਮੰਤਰੀ ਸਮੂਹ ਰੋਜ਼ਾਨਾ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਰੂਰੀ ਕਦਮ ਚੁੱਕੇਗਾ।
ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ’ਤੇ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਤੇ ਇਸ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਭਾਰਤ ਸਰਕਾਰ ਵੱਲੋਂ ਸਿਫ਼ਾਰਸ਼ ਕੀਤੀ ਗਈ ਬਿਹਤਰ ਦਵਾਈ ਇਸਤੇਮਾਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਅਫ਼ਵਾਹਾਂ ਤੋਂ ਬਚਣ ਤੇ ਸੰਜਮ ਵਰਤਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਹੈ ਕਿ ਪਸ਼ੂ-ਮਾਲਕ ਪਸ਼ੂਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਤੇ ਬਿਮਾਰੀ ਦੇ ਲੱਛਣ ਵਾਲੇ ਪਸ਼ੂਆਂ ਨੂੰ ਬਾਕੀਆਂ ਤੋਂ ਵੱਖ ਰੱਖਿਆ ਜਾਵੇ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵੈਟਰਨਰ ਅਫ਼ਸਰਾਂ ਤੇ ਇੰਸਪੈਕਟਰਾਂ ਦੀਆਂ 673 ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਹਡ਼ੀਆਂ ਦਵਾਈਆਂ ਤੇ ਵੈਕਸੀਨ ਮੁਹਈਆ ਕਰਵਾ ਰਹੀਆਂ ਹਨ।
ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੋਤ: Punjabi Jagran