ਪੰਜਾਬ ਸਰਕਾਰ ਨੇ ਵਧਾਈ ਦੁੱਧ ਦੀ ਖਰੀਦ ਦੀ ਕੀਮਤ, 2.5 ਲੱਖ ਕਿਸਾਨਾਂ ਨੂੰ ਮਿਲੇਗਾ ਫਾਇਦਾ

April 01 2022

ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਕਾਰੋਬਾਰ ਨਾਲ ਜੁੜੇ ਕਿਸਾਨਾਂ ਲਈ ਖੁਸ਼ਖਬਰੀ ਦਿੱਤੀ ਹੈ। 1 ਅਪ੍ਰੈਲ 2022 ਤੋਂ ਦੁੱਧ ਖਰੀਦਣ ਦੀ ਕੀਮਤ 20 ਰੁਪਏ ਪ੍ਰਤੀ ਕਿਲੋ ਫੈਟ ਵਧਾ ਦਿੱਤੀ ਗਈ ਹੈ।

ਦੱਸ ਦਈਏ ਕਿ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੇ ਨਾਲ-ਨਾਲ ਕਿਸਾਨਾਂ ਨੂੰ ਪਸ਼ੂਆਂ ਦੀ ਖੁਰਾਕ ਤੇ ਵੱਧ ਖਰਚ ਕਰਨਾ ਪੈ ਰਿਹਾ ਹੈ। ਇਹੀ ਕਾਰਨ ਹੈ ਕਿ ਦੁੱਧ ਉਤਪਾਦਕਾਂ ਦਾ ਮੁਨਾਫਾ ਘਟਿਆ ਹੈ। ਹੁਣ ਮਿਲਕਫੈੱਡ ਨੇ ਇਸ ਨਾਲ ਜੁੜੇ ਢਾਈ ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਦੁੱਧ ਦੀ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਇਸ ਤੋਂ ਪਹਿਲਾਂ ਵੀ ਮਿਲਕਫੈੱਡ ਨੇ 1 ਮਾਰਚ 2022 ਨੂੰ ਦੁੱਧ ਦੀ ਖਰੀਦ ਦੇ ਰੇਟ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਸੀ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ​​ਕਰਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਫੈਸਲੇ ਬਾਰੇ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅਗਰਵਾਲ ਨੇ ਕਿਹਾ ਕਿ ਮਿਲਕਫੈੱਡ ਨੇ ਹਮੇਸ਼ਾ ਹੀ ਡੇਅਰੀ ਕਾਰੋਬਾਰ ਨਾਲ ਜੁੜੇ ਕਿਸਾਨਾਂ ਦੀ ਬਾਂਹ ਫੜੀ ਹੈ।

ਸੂਬੇ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਜਦੋਂ ਨਿੱਜੀ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ। ਮਿਲਕਫੈੱਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਸਾਰਾ ਦੁੱਧ ਖਰੀਦਿਆ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: abplive