ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ

May 20 2022

ਬਲਾਕ ਅਮਲੋਹ ’ਚ 3400 ਹੈਕਟੇਅਰ ਰਕਬੇ ’ਚ ਸਿੱਧੀ ਬਿਜਾਈ ਹੋਣ ਦਾ ਟੀਚਾ-ਬੈਨੀਪਾਲ

ਗੁਰਚਰਨ ਸਿੰਘ ਜੰਜੂਆ, ਅਮਲੋਹ  

ਪੰਜਾਬ ਵਿੱਚ ਝੋਨੇ ਦੀ ਫ਼ਸਲ ਦੀ ਕਾਸ਼ਤ ਵੱਡੇ ਪੱਧਰ ’ਤੇ ਹੋਣ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ। ਕੱਦੂ ਕਰਕੇ ਝੋਨੇ ਦੀ ਬਿਜਾਈ ਕਰਨ ਨਾਲ ਪਾਣੀ ਦੀ ਵਧੇਰੇ ਲੋੜ ਹੁੰਦੀ ਹੈ ਅਤੇ 1 ਕਿੱਲੋ ਚੋਲ ਪੈਦਾ ਕਰਨ ਲਈ ਕਰੀਬ 3500-4000 ਲੀਟਰ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ। ਸੂਤਰਾਂ ਮੁਤਾਬਿਕ ਪੰਜਾਬ ਵਿਚ ਇਸ ਸਾਲ 30 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਹੋਣ ਦਾ ਟੀਚਾ ਹੈ ਅਤੇ ਇਸ ਵਿਚੋਂ 12 ਲੱਖ ਹੈਕਟੇਅਰ ਰਕਬੇ ਵਿਚ ਸਿੱਧੀ ਬਿਜਾਈ ਹੋਣ ਦਾ ਟੀਚਾ ਹੈ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ ਉੱਥੇ ਹੀ ਪੰਜਾਬ ਤੋਂ ਵਿਦੇਸ਼ਾਂ ਵਿਚ ਵਸੇ ਐਨ.ਆਰ.ਆਈ ਵੀ ਚਿੰਤਕ ਹਨ। ਪਿੰਡ ਮਾਜਰਾ ਮੰਨਾ ਸਿੰਘ ਵਾਲਾ ਦੇ ਜੰਮਪਲ ਹਰਜੀਤ ਸਿੰਘ ਜੰਜੂਆ ਕੈਨੇਡਾ ਵੱਲੋਂ ਆਪਣੇ ਜੱਦੀ ਪਿੰਡ ਦੇ ਕਿਸਾਨਾਂ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੀ ਬਿਜਾਈ ਨਾਲ 25-30 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ ਉੱਥੇ ਹੀ ਕਿਸਾਨ ਦਾ 5-7 ਹਜ਼ਾਰ ਰੁਪਏ ਪ੍ਰਤੀ ਏਕੜ ਫ਼ਾਇਦਾ ਹੁੰਦਾ ਹੈ।

ਕੀ ਕਹਿਣਾ ਹੈ ਕਿ ਖੇਤੀਬਾੜੀ ਅਫ਼ਸਰ ਅਮਲੋਹ ਦਾ:- ਜਦੋਂ ਇਸ ਸਬੰਧੀ ਖੇਤੀਬਾੜੀ ਅਫ਼ਸਰ ਅਮਲੋਹ ਡਾ. ਇਕਬਾਲਜੀਤ ਸਿੰਘ ਬੈਨੀਪਾਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਅਮਲੋਹ ਬਲਾਕ ਦਾ ਕੁੱਲ 22 ਹਜ਼ਾਰ ਹੈਕਟੇਅਰ ਰਕਬਾ ਹੈ ਜਿਸ ਵਿਚੋਂ ਸਾਢੇ 18 ਹਜ਼ਾਰ ਹੈਕਟੇਅਰ ਵਿਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਸਾਲ ਬਲਾਕ ’ਚ 3400 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਣ ਦਾ ਟੀਚਾ ਹੈ।    

ਫ਼ੋਟੋ ਕੈਪਸ਼ਨ: ਖੇਤੀਬਾੜੀ ਅਫ਼ਸਰ ਅਮਲੋਹ ਡਾ. ਇਕਬਾਲਜੀਤ ਸਿੰਘ ਬੈਨੀਪਾਲ ਜਾਣਕਾਰੀ ਦਿੰਦੇ ਹੋਏ।