ਬਰਸਾਤੀ ਪਾਣੀ ਨਾਲ ਹਜ਼ਾਰਾਂ ਏਕੜ ਫਸਲ ਬਰਬਾਦ, ਕਿਸਾਨਾਂ ਨੇ ਕੀਤਾ ਰੋਡ ਜਾਮ

September 08 2020

ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਡਰੇਨ ਟੁੱਟਣ ਕਾਰਨ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜਿਲ੍ਹਿਆਂ ਦੀ ਹੱਦ ਨਾਲ ਲੱਗਦੇ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਕਿਸਾਨਾਂ ਨੇ ਇਸ ਆਫ਼ਤ ਦਾ ਹੱਲ ਕਰਨ ਲਈ ਵੱਖ ਵੱਖ ਅਧਿਕਾਰੀਆਂ ਨਾਲ ਸੰਪਰਕ ਕੀਤਾ ਪਰ ਕਿਸੇ ਵੱਲੋਂ ਕੋਈ ਵੀ ਗੱਲਬਾਤ ਨਹੀਂ ਸੁਣੀ ਗਈ ਤੇ ਅੱਕੇ ਹੋਏ ਕਿਸਾਨਾਂ ਨੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਵਿਚ ਫਿਰੋਜ਼ਪੁਰ ਨੇੜਲੇ ਪਿੰਡ ਗੁਲਾਮ ਪੱਤਰਾ ਵਿਖੇ ਫ਼ਿਰੋਜ਼ਪੁਰ - ਮੁਕਤਸਰ ਰੋਡ ਜਾਮ ਕਰ ਲਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਅਤੇ ਫਰੀਦਕੋਟ ਵੱਲੋਂ ਆ ਰਹੀ ਡਰੇਨ ਟੁੱਟਣ ਕਾਰਨ ਫ਼ਿਰੋਜ਼ਪੁਰ ਤੇ ਫ਼ਰੀਦਕੋਟ ਜ਼ਿਲ੍ਹੇ ਦੇ ਮੋਹਰੇ ਵਾਲਾ, ਧੀਰਾ ਪੱਤਰਾ, ਗੁਲਾਮ ਪੱਤਰਾ, ਚੂੜ ਖਿਲਚੀਆਂ, ਨਸੀਰਾਂ ਖਲਚੀਆਂ, ਰੋੜਾਂ ਵਾਲਾ, ਮਹਿਮਾ, ਮੁਮਾਰਾ, ਡੋਡ, ਸੰਗਰਾਹੂਰ, ਬੁੱਟਰ, ਕਿਲੀ ਆਦਿ ਸਮੇਤ ਦਰਜਨਾਂ ਪਿੰਡਾਂ ਦੀ ਕਰੀਬ ਵੀਹ ਹਜ਼ਾਰ ਏਕੜ ਫ਼ਸਲ ਪਾਣੀ ਵਿਚ ਡੁੱਬ ਗਈ ਹੈ ਜੋ ਬਰਬਾਦ ਹੋਣ ਦੇ ਕੰਢੇ ਤੇ ਹੈ।

ਉਨ੍ਹਾਂ ਕਿਹਾ ਕਿ ਯੂਨੀਅਨ ਆਗੂਆਂ ਅਤੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਪਰ ਕਿਸੇ ਨੇ ਵੀ ਇਸ ਗੱਲ ਉੱਤੇ ਗੌਰ ਨਹੀਂ ਕੀਤਾ ਅਤੇ ਅੱਖਾਂ ਬੰਦ ਕਰ ਲਈਆਂ । ਉਨ੍ਹਾਂ ਕਿਹਾ ਕਿ ਪਿੰਡ ਰੋੜਾਂਵਾਲਾ ਅਤੇ ਮਹਿਮਾ ਵਿਖੇ ਲਗਾਈਆਂ ਗਈਆਂ ਪਾਣੀ ਚੁੱਕਣ ਵਾਲੀਆਂ ਦੋ ਮੋਟਰਾਂ ਕਾਫੀ ਨਹੀਂ ਹਨ। ਕਿਸਾਨਾਂ ਵੱਲੋਂ ਜ਼ਿਆਦਾ ਗਿਣਤੀ ਵਿਚ ਵੱਡੀਆਂ ਮੋਟਰਾਂ ਅਤੇ ਪੱਖਿਆਂ ਦੀ ਮੰਗ ਕੀਤੀ ਜਾ ਰਹੀ ਹੈ।

ਕਿਸਾਨਾਂ ਦੀ ਫ਼ਸਲ ਪੱਕਣ ਲਈ ਬਿਲਕੁਲ ਤਿਆਰ ਹੈ ਅਤੇ ਅਜਿਹੇ ਵਿਚ ਜੇਕਰ ਜ਼ਿਆਦਾ ਦਿਨ ਪਾਣੀ ਨਾ ਕੱਢਿਆ ਗਿਆ ਤਾਂ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ ਜਿਸ ਨਾਲ ਪਹਿਲਾਂ ਤੋਂ ਹੀ ਆਰਥਿਕ ਬੋਝ ਝੱਲ ਰਹੇ ਕਿਸਾਨਾਂ ਨੂੰ ਵੱਡੀ ਮਾਰ ਪਵੇਗੀ।ਵੱਖ ਵੱਖ ਪਿੰਡਾਂ ਤੋਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵੱਧ ਤੋਂ ਵੱਧ ਅਧਿਕਾਰੀਆਂ ਨੂੰ ਇਸ ਆਫਤ ਨਾਲ ਨਜਿੱਠਣ ਲਈ ਤੈਨਾਤ ਕੀਤਾ ਜਾਵੇ ਅਤੇ ਕਿਸਾਨਾਂ ਦੀ ਮੁਸ਼ਕਲ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੀ ਫ਼ਸਲ ਬਰਬਾਦ ਹੁੰਦੀ ਹੈ ਅਤੇ ਇਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਾਲ ਪ੍ਰਸ਼ਾਸਨ ਤੇ ਸਰਕਾਰ ਦੀ ਹੋਵੇਗੀ। ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਨਾ ਹੋਣ ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।  

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman