ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ 1.25 ਲੱਖ ਫਲਦਾਰ ਬੂਟੇ

July 08 2022

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ।
ਪੰਜਾਬ ਸਰਕਾਰ ਦੀ ਇਹ ਮੁਹਿੰਮ 15 ਜੁਲਾਈ, 2022 ਨੂੰ ਪੂਰੇ ਸੂਬੇ ਆਰੰਭ ਕੀਤੀ ਜਾਵੇਗੀ ਅਤੇ ਪਹਿਲੇ ਪੜਾਅ ਵਿੱਚ 1.25 ਲੱਖ ਤੋਂ ਵੱਧ ਫ਼ਲਦਾਰ ਬੂਟੇ ਸਰਕਾਰੀ ਸਕੂਲਾਂ ਵਿੱਚ ਲਗਾਏ ਜਾਣਗੇ।
ਇਸ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਬਾਗ਼ਬਾਨੀ ਬਾਰੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਰਾਜ ਸਰਕਾਰ ਖੇਤੀ ਵਿਭਿੰਨਤਾ ਦੇ ਖੇਤਰ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਫ਼ਲਦਾਰ ਬੂਟੇ ਲਗਾਉਣ ਦੀ ਇਸ ਮੁਹਿੰਮ ਦੇ ਅਗਲੇ ਪੜਾਅ ਵਿੱਚ ਸੂਬੇ ਵਿੱਚ ਵਗਦੇ ਸੂਇਆਂ, ਸੇਮ ਨਾਲਿਆਂ ਅਤੇ ਸੜਕਾਂ ਦੇ ਨਾਲ-ਨਾਲ ਫ਼ਲਦਾਰ ਬੂਟੇ ਲਗਾਏ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਲਗਾਏ ਜਾਣ ਵਾਲੇ ਇਨ੍ਹਾਂ ਬੂਟਿਆਂ ਦੀ ਸਾਂਭ-ਸੰਭਾਲ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਉਨ੍ਹਾਂ ਬਾਗ਼ਬਾਨੀ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ  ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਮਾਲਕੀ ਵਾਲੀਆਂ ਖ਼ਾਲੀ ਪਈਆਂ ਸਰਕਾਰੀ ਜ਼ਮੀਨਾਂ ‘ਤੇ ਬਾਗ਼ ਲਗਾਉਣ ਸਬੰਧੀ ਨੀਤੀ ਬਣਾਉਣ।
ਕਾਬਿਲੇਗ਼ੌਰ ਹੈ ਕਿ ਵਾਤਾਵਰਨ ਹਰ ਦਿਨ ਦੂਸ਼ਿਤ ਹੁੰਦਾ ਜਾ ਰਿਹਾ ਹੈ। ਸ਼ਹਿਰੀਕਰਨ ਹੋਣ ਕਾਰਨ ਜ਼ਿਆਦਾਤਰ ਰੁੱਖਾਂ ਨੂੰ ਵੱਢ ਦਿੱਤਾ ਗਿਆ ਹੈ, ਜਿਸ ਕਰਕੇ ਧਰਤੀ ਦੀ ਹਵਾ ਖ਼ਰਾਬ ਹੋਈ ਹੈ। ਇਸੇ ਸਮੱਸਿਆ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਧ ਤੋਂ ਵੱਧ ਰੁੱਖ ਲਗਾ ਕੇ ਸੂਬੇ ਨੂੰ ਖੁਸ਼ਹਾਲ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦੇ ਤਹਿਤ ਲੱਖਾਂ ਦੀ ਗਿਣਤੀ `ਚ ਬੂਟੇ ਲਗਾਏ ਜਾਣਗੇ, ਤਾਂ ਜੋ ਇਹ ਬੂਟੇ ਰੁੱਖ ਬਣਕੇ ਨਾਲੇ ਤਾਂ ਹਰ ਕਿਸੇ ਠੰਢੀਆਂ ਛਾਵਾਂ ਦੇਣ ਤੇ ਨਾਲ ਹੀ ਵਾਤਾਵਰਨ ਬਚਾਉਣ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Sanjha