ਭਾਕਿਯੂ (ਉਗਰਾਹਾਂ) ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

August 17 2020

ਇਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲੋਂ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਖੇਤੀ ਵਿਰੋਧੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਤਿੰਨ ਆਰਡੀਨੈਂਸਾਂ ਦੇ ਮੁੱਦੇ ਨੂੰ ਲੈ ਕੇ ਅਕਾਲੀ ਭਾਜਪਾ ਦੇ ਆਗੂਆਂ ਦਾ ਪੰਜਾਬ ਦੇ ਹਰੇਕ ਪਿੰਡ ਵਿੱਚ ਵੜਨ ’ਤੇ ਘਿਰਾਓ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਕਰੋਨਾ ਮਾਹਮਾਰੀ ਦੀ ਆੜ ਹੇਠ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਇਹ ਬਿੱਲ ਕਿਰਤੀ ਲੋਕਾਂ ਦੀ ਲੁੱਟ ਦਾ ਕਾਰਨ ਬਣਨਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 25 ਅਗਸਤ ਤੋਂ 29 ਅਗਸਤ ਤੱਕ ਪੰਜਾਬ ਦੇ ਹਰ ਪਿੰਡ ਵਿੱਚ ਵੜਨ ਵਾਲੇ ਭਾਜਪਾਈ ਆਗੂਆਂ ਤੇ ਲੀਡਰਾਂ ਦਾ ਪੂਰਨ ਤੌਰ ਵਿਰੋਧ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਇਸ ਵਿਰੋਧਤਾ ਦੀਆਂ ਲਿਖਤੀ ਕਾਪੀਆਂ ਪਿੰਡਾਂ ਦੇ ਮੋੜਾਂ ’ਤੇ ਲਾਈਆਂ ਜਾਣਗੀਆਂ ਤਾਂ ਕਿ ਕੇਂਦਰ ਸਰਕਾਰ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਈ ਜਾ ਸਕੇ। ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਸੁਸਾਇਟੀਆਂ ਵਿੱਚ ਬੈਂਕ ਵੱਲੋਂ ਕਿਸਾਨਾਂ ਨੂੰ ਕੈਸ਼ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਤੁਰੰਤ ਨਕਦ ਅਦਾਇਗੀ ਕਰਨ ਦੀ ਮੰਗ ਕੀਤੀ। ਇਸ ਮੌਕੇ ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਹਰਜੀਤ ਸਿੰਘ ਮਹਿਲਾਂ, ਜਗਤਾਰ ਸਿੰਘ ਲੱਡੀ, ਕਰਮ ਚੰਦ ਸੁਖਵਿੰਦਰ ਸਿੰਘ ਬਲਿਆਲ ਅਤੇ ਰਘਬੀਰ ਘਰਾਚੋਂ ਵੀ ਹਾਜ਼ਰ ਸਨ। 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune