ਖੇਤੀ ਕਾਨੂੰਨਾਂ ਖ਼ਿਲਾਫ਼ ਵਰ੍ਹਦੇ ਮੀਂਹ ’ਚ ਗਰਜੇ ਕਿਸਾਨ

August 04 2021

ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਸਥਿਤ ਚੌਕੀਮਾਨ ਟੌਲ ਪਲਾਜ਼ਾ ’ਤੇ ਕਿਸਾਨਾਂ ਨੇ ਵਰ੍ਹਦੇ ਮੀਂਹ ’ਚ ਅੱਜ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਕੇਂਦਰੀ ਹਕੂਮਤ ਖ਼ਿਲਾਫ਼ ਨਾਅਰੇ ਬੁਲੰਦ ਕਰਦਿਆਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਅਤੇ ਐੱਮਐੱਸਪੀ ਸਬੰਧੀ ਫੌਰੀ ਗੱਲਬਾਤ ਕਰਨ ਦੀ ਮੰਗ ਕੀਤੀ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ, ਪੇਂਡੂ ਮਜ਼ਦੂਰ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਕਿਸਾਨਾਂ ਮਜ਼ਦੂਰਾਂ ਦੇ ਸਹਿਯੋਗ ਨਾਲ ਟੌਲ ’ਤੇ ਚੱਲ ਰਿਹਾ ਲਗਾਤਾਰ ਧਰਨਾ ਮੀਂਹ ਦੇ ਬਾਵਜੂਦ ਜਾਰੀ ਰਿਹਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਦੇ ਜਸਦੇਵ ਸਿੰਘ ਲਲਤੋਂ, ਪੇਂਡੂ ਮਜ਼ਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਮਾਸਟਰ ਆਤਮਾ ਸਿੰਘ ਬੋਪਾਰਾਏ, ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ, ਸੂਬੇਦਾਰ ਦਵਿੰਦਰ ਸਿੰਘ ਸਵੱਦੀ, ਜਥੇਦਾਰ ਅਮਰ ਸਿੰਘ ਆਦਿ ਨੇ ਖੇਤੀ ਕਾਨੂੰਨਾਂ ਸਬੰਧੀ ਕਿਸਾਨ ਸੰਸਦ ਸਮੇਤ ਸਮੁੱਚੀ ਕਿਸਾਨ ਅਤੇ ਲੋਕ ਲਹਿਰ ਦੇ ਵੱਖ-ਵੱਖ ਪਹਿਲੂਆਂ ਬਾਰੇ ਚਰਚਾ ਕੀਤੀ। ਹਰਿਆਣਾ ਤੇ ਪੰਜਾਬ ’ਚ ਭਾਜਪਾ ਤੇ ਆਰਆਰਐੱਸ ਦੇ ਸਿਆਸੀ ਪ੍ਰੋਗਰਾਮਾਂ ਨੂੰ ਅਸਫ਼ਲ ਬਣਾਉਣ ਦੀਆਂ ਤਾਜ਼ਾ ਮਿਸਾਲਾਂ, ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ 9 ਤੋਂ 11 ਅਗਸਤ ਤੱਕ ਪਟਿਆਲਾ ਵਿੱਚ ਧਰਨੇ, ਪੈਗਾਸਸ ਜਾਸੂਸੀ ਦੇ ਦੇਸ਼ ਵਿਰੋਧੀ ਤੇ ਲੋਕ ਵਿਰੋਧੀ ਕਾਂਡ ਦੀ ਫੌਰੀ ਤੌਰ ’ਤੇ ਸੁਪਰੀਮ ਕੋਰਟ ਤੋਂ ਜਾਂਚ ਕਰਵਾਉਣ ਅਤੇ ਸਬੰਧਤ ਸਿਆਸੀ ਨੇਤਾਵਾਂ ਤੇ ਨਿੱਘਰੇ ਅਫ਼ਸਰਸ਼ਾਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਬਾਰੇ ਗੰਭੀਰ ਡੂੰਘੀਆਂ ਤੇ ਅਰਥ ਭਰਪੂਰ ਵਿਚਾਰਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਗਾਇਕ ਭਰਪੂਰ ਸਿੰਘ ਗੁੱਜਰਵਾਲ ਨੇ ਲੋਕ ਪੱਖੀ ਗੀਤ ਪੇਸ਼ ਕਰਕੇ ਸੰਘਰਸ਼ੀਲ ਰੰਗ ਬੰਨ੍ਹਿਆ। ਧਰਨੇ ’ਚ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਇਟਲੀ, ਕਰਮ ਸਿੰਘ ਪੱਪੂ ਮਾਨ ਅਤੇ ਬਲਰਾਜ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ।

ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਰ੍ਹਦੇ ਮੀਂਹ ਵਿੱਚ ਅੱਜ ਵੀ ਲੜੀਵਾਰ ਧਰਨਾ ਜਾਰੀ ਰਿਹਾ। ਧਰਨੇ ਦੀ ਅਗਵਾਈ ਰਜਿੰਦਰ ਕੌਰ, ਅਮਨਦੀਪ ਕੌਰ ਅਤੇ ਮਹਿੰਦਰ ਕੌਰ ਨੇ ਕੀਤੀ। ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਦੇਸ਼ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਕੋਈ ਚਿੰਤਾ ਨਹੀਂ ਹੈ, ਪਰ ਕਾਰਪੋਰੇਟ ਘਰਾਣਿਆਂ ਦਾ ਫ਼ਿਕਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੈਂਕੜਬਾਜ਼ ਅਤੇ ਸੱਤਾ ਦੇ ਹੰਕਾਰ ਵਿਚ ਅੰਨ੍ਹੀ ਇਸ ਸਰਕਾਰ ਦੇ ਦਿਨ ਹੁਣ ਪੁੱਗ ਗਏ ਹਨ, ਖੇਤੀ ਕਾਨੂੰਨ ਵਾਪਸ ਲੈਣ ਤੋਂ ਬਿਨਾ ਕੋਈ ਰਾਹ ਨਹੀਂ। ਇਸ ਦੌਰਾਨ ਗਾਇਕ ਗੁਰਦੀਪ ਗਿੱਲ ਅਤੇ ਕੁਲਵਿੰਦਰ ਜੜਤੌਲੀ ਦੀ ਪਾਰਟੀ ਵੱਲੋਂ ਕਿਸਾਨੀ ਅੰਦੋਲਨ ਦੀ ਚੜ੍ਹਦੀਕਲਾ ਲਈ ਖ਼ੁਸ਼ਕ ਬੰਦਰਗਾਹ ਸਾਹਮਣੇ ਗੀਤ ਵੀ ਪੇਸ਼ ਕੀਤੇ ਗਏ। ਉੱਧਰ ਲੁਧਿਆਣਾ-ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ-ਰਕਬਾ ਟੌਲ ਪਲਾਜ਼ਾ ’ਤੇ ਵੀ ਲੜੀਵਾਰ ਧਰਨਾ ਜਾਰੀ ਰਿਹਾ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune