ਗੁਰਮੀਤ ਸਿੰਘ ਖੁੱਡੀਆਂ ਬਣੇ ਨਵੇਂ ਖੇਤੀਬਾੜੀ ਮੰਤਰੀ

June 01 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੇ ਵਿਸਥਾਰ ਮਗਰੋਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ, ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ।

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਾਰ ਫਿਰ ਆਪਣੀ ਕੈਬਨਿਟ ਦਾ ਵਿਸਥਾਰ ਕੀਤਾ ਹੈ। ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵੇਰੇ 11 ਵਜੇ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੇ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ ਤੇ ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ। 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹਨਾਂ ਨੇ ਇਹ ਅਸਤੀਫ਼ਾ ਅਪਣੇ ਨਿੱਜੀ ਕਾਰਨਾਂ ਕਰ ਕੇ ਦਿੱਤਾ ਹੈ। ਜਿਸ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆ ਅਤੇ ਬਲਕਾਰ ਸਿੰਘ ਨੂੰ ਮੰਤਰੀ ਮੰਡਲ ਵਿਚ ਥਾਂ ਮਿਲ ਗਈ ਹੈ। ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਸਾਊਥ ਤੋਂ ਜਿੱਤੇ ਸੀ।

ਸਰੋਤ: abp ਸਾਂਝਾ