ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ, ਟਿਊਬਵੈੱਲ ਤੇ ਲੋਡ ਵਧਾਉਣ ਲਈ VDS ਦੀ ਸਮਾਂ ਸੀਮਾ ਵਧਾਈ

September 21 2022

ਆਪਣੇ ਟਿਊਬਵੈੱਲਾਂ ਦੇ ਬਿਜਲੀ ਲੋਡ ਨੂੰ ਵਧਾਉਣ ਦੇ ਚਾਹਵਾਨ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਡ ਵਧਾਉਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ.) ਦੀ ਮਿਤੀ 23 ਅਕਤੂਬਰ ਤਕ ਵਧਾ ਦਿੱਤੀ ਹੈ। ਕਿਸਾਨਾਂ ਦੀ ਦਿਲਚਸਪੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੀਮ ਦੀ ਸਮਾਂ ਸੀਮਾ ਵਿੱਚ ਦੂਜੀ ਵਾਰ ਵਾਧਾ ਕੀਤਾ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਬੁਲਾਰੇ ਨੇ ਦੱਸਿਆ ਕਿ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਮੌਜੂਦਾ ਲੋਡ ਫੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਬੀ.ਐਚ.ਪੀ. ਕਰਦਿਆਂ 10 ਜੂਨ ਨੂੰ 45 ਦਿਨਾਂ (24 ਜੁਲਾਈ ਤੱਕ) ਲਈ ਵੀ.ਡੀ.ਐਸ. ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ 23 ਜੁਲਾਈ ਨੂੰ ਮੁੱਖ ਮੰਤਰੀ ਨੇ ਸੂਬੇ ਦੇ ਅਨਾਜ ਉਤਪਾਦਕਾਂ ਦੀ ਸਹੂਲਤ ਲਈ ਇਸ ਸਕੀਮ ਨੂੰ 15 ਸਤੰਬਰ ਤਕ ਵਧਾ ਦਿੱਤਾ ਸੀ।