ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦਾ ਘੁਬਾਇਆ ਵੱਲੋਂ ਜਾਇਜ਼ਾ

October 27 2021

ਵਿਧਾਇਕ ਦਵਿੰਦਰ ਘੁਬਾਇਆ  ਨੇ ਅੱਜ ਹਲਕਾ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਵਿਧਾਇਕ ਘੁਬਾਇਆ ਪਿੰਡ ਮਹਿਤਮ ਨਗਰ, ਝਗੜ ਭੈਣੀ, ਤੇਜਾ ਰੂਹੇਲਾ, ਦੋਨਾਂ ਨਾਨਕਾ, ਗੁਲਾਬਾ ਭੈਣੀ ਰੇਤੇ ਵਾਲੀ ਭੈਣੀ ਕਾਵਾਂ ਵਾਲੀ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਰਡਰ ਕੰਢੀ ਦੇ ਪਿੰਡ ਹਮੇਸ਼ਾ ਹੀ ਆਫ਼ਤ ਵਿੱਚ ਰਹੇ ਹਨ, ਭਾਵੇਂ ਜੰਗ ਲੱਗੀ ਹੋਵੇ ਜਾਂ ਫਿਰ ਮੀਂਹ ਨਾਲ ਹੜ੍ਹ ਆਇਆ ਹੋਵੇੇ। ਇਸ਼ ਮੌਕੇ ਵਿਧਾਇਕ ਘੁਬਾਇਆ ਨੇ ਡਿਪਟੀ ਕਮਿਸ਼ਨਰ ਬਬੀਤਾ ਕਲੇਰ  ਨੂੰ ਫੋਨ ਕਰਕੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਮੀਂਹ ਅਤੇ ਗੜ੍ਹੇ ਨਾਲ ਨੁਕਸਾਨੀ ਗਈ ਹੈ, ਉਨ੍ਹਾਂ ਦੀ ਤੁਰੰਤ ਗਿਰਦਾਵਰੀ ਕਰਕੇ ਮੁਆਵਜ਼ਾ ਜਾਰੀ ਕੀਤਾ ਜਾਵੇ। ਇਸ ਮੌਕੇ ਗੁਰਜੀਤ ਸਿੰਘ ਗਿੱਲ, ਗੁਰਬਿੰਦਰ ਸਿੰਘ ਬਰਾੜ, ਹਰਬੰਸ ਸਿੰਘ ਸਣੇ ਪਿੰਡਾਂ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।

ਕਿਸਾਨ ਯੂਨੀਅਨ ਵੱਲੋਂ ਖੇਤਾਂ ਦਾ ਦੌਰਾ

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਇਲਾਕੇ ਦੇ ਮੀਂਹ ਅਤੇ ਗੜਿਆਂ ਦੀ ਮਾਰ ਹੇਠ ਆਏ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ  ਖੇਤਾਂ ਵਿਚ ਖੜ੍ਹੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਪਈਆਂ ਝੋਨੇ ਦੀਆਂ ਢੇਰੀਆਂ ਦਾ ਜਾਇਜ਼ਾ ਲਿਆ। ਭਾਕਿਯੂ (ਏਕਤਾ) ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਤਪਾ ਦੇ ਮੁੱਖ ਯਾਰਡ, ਢਿੱਲਵਾਂ, ਦਰਾਜ, ਦਰਾਕਾ, ਤਾਜੋਕੇ, ਮਹਿਤਾ ਆਦਿ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਬੇਮੌਸਮੇ ਮੀਂਹ ਕਾਰਨ ਝੋਨੇ ਦੀ ਜ਼ਿਆਦਾਤਰ ਫ਼ਸਲ ਖ਼ਰਾਬ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਖਰਾਬ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune