ਸੰਕਲਪ ਪੱਤਰ ਚ ਭਾਜਪਾ ਨੇ ਕਿਸਾਨਾਂ ਅਤੇ ਵਪਾਰੀਆਂ ਨੂੰ ਪੈਨਸ਼ਨ ਦੇਣ ਦਾ ਕੀਤਾ ਵਾਅਦਾ

April 09 2019

ਭਾਰਤੀ ਜਨਤਾ ਪਾਰਟੀ ਨੇ ਮੁੜ ਸੱਤਾ ਚ ਆਉਣ ਤੇ ਕਿਸਾਨ ਕ੍ਰੈਡਿਟ ਕਾਰਡ ਰੱਖਣ ਵਾਲੇ ਕਿਸਾਨਾਂ ਨੂੰ ਇੱਕ ਲੱਖ ਰੁਪਏ ਤੱਕ ਦਾ ਕਰਜ਼ਾ ਪੰਜ ਸਾਲਾਂ ਲਈ ਬਿਨਾਂ ਵਿਆਜ ਤੋਂ ਦੇਣ, ਕਿਸਾਨਾਂ ਅਤੇ ਛੋਟੇ ਵਪਾਰੀਆਂ ਨੂੰ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਾਉਣ, ਪੰਜ ਕਿੱਲੋਮੀਟਰ ਦੇ ਘੇਰੇ ਅੰਦਰ ਬੈਂਕਿੰਗ ਸਹੂਲਤ ਦੇਣ ਅਤੇ ਦੇਸ਼ ਭਰ ਚ 75 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਇੱਥੇ ਪਾਰਟੀ ਦਫ਼ਤਰ ਚ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਚ ਸੰਕਲਪ ਪੱਤਰ ਨਾਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਜਾਰੀ ਕੀਤਾ। ਇਸ ਚ ਕਿਸਾਨਾਂ ਅਤੇ ਛੋਟੇ ਵਪਾਰੀਆਂ ਲਈ ਕਈ ਐਲਾਨ ਕੀਤੇ ਗਏ ਹਨ। ਇਸ ਚ ਦੋਸਤਾਨਾ ਮਾਹੌਲ ਚ ਰਾਮ ਮੰਦਰ ਦਾ ਨਿਰਮਾਣ ਕਰਨ, ਨਾਗਰਿਕਤਾ ਸੋਧ ਬਿੱਲ ਨੂੰ ਸੰਸਦ ਤੋਂ ਪਾਸ ਕਰਾਉਣ, ਅੱਤਵਾਦ ਤੇ ਜ਼ੀਰੋ ਟੋਲਰੈਂਸ (ਸਹਿਣਸ਼ੀਲਤਾ) ਦੀ ਨੀਤੀ ਜਾਰੀ ਰੱਖਣ ਅਤੇ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਕਰਨ ਦਾ ਸੰਕਲਪ ਪ੍ਰਗਟਾਇਆ ਹੈ। ਭਾਜਪਾ ਨੇ ਕਿਸਾਨਾਂ ਨੂੰ ਇੱਕ ਲੱਖ ਰੁਪਏ ਤੱਕ ਦਾ ਕਰਜ਼ਾ ਪੰਜ ਸਾਲਾਂ ਲਈ ਬਿਨਾਂ ਵਿਆਜ ਤੋਂ ਦੇਣ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਲਈ 60 ਸਾਲ ਤੋਂ ਬਾਅਦ ਪੈਨਸ਼ਨ ਦੀ ਵਿਵਸਥਾ ਕਰਾਉਣ ਦਾ ਵਾਅਦਾ ਕੀਤਾ ਹੈ। ਪਾਰਟੀ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੌਮੀ ਵਾਪਰੀ ਕਮਿਸ਼ਨ ਗਠਿਤ ਕਰਨ ਅਤੇ ਛੋਟੇ ਵਪਾਰੀਆਂ ਨੂੰ ਵੀ 60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਾਉਣ ਦੀ ਗੱਲ ਕਹੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ