ਕਣਕ ਦੇ ਸੀਜ਼ਨ ਲਈ 28 ਨਿਰੀਖਕ ਨਿਯੁਕਤ

April 03 2019

ਕਣਕ ਦਾ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਵਲੋਂ 28 ਨਿਰੀਖਕ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਖਰੀਦ ਕੇਂਦਰਾਂ ਵਿੱਚ ਪਨਗ੍ਰੇਨ ਖਾਤੇ ਵਿੱਚ ਕਣਕ ਦੀ ਖਰੀਦ ਕਰਨ ਅਤੇ ਪੀ.ਆਰ-1 ਅਤੇ 54 ਭਰਨ ਲਈ 28 ਨਿਰੀਖਕ ਖੁਰਾਕ ਤੇ ਸਪਲਾਈ ਨਿਯੁਕਤ ਕਰ ਦਿੱਤੇ ਗਏ ਹਨ। ਨਿਯੁਕਤ ਕੀਤੇ ਨਿਰੀਖਕ ਤੁਰੰਤ ਮੰਡੀਆਂ ਵਿੱਚ ਬਾਰਦਾਨੇ ਸਮੇਤ ਆਪਣੀ ਡਿਊਟੀ ਸੰਭਾਲਣਗੇ। ਉਨ੍ਹਾਂ ਕਿਹਾ ਕਿ ਕਣਕ ਦੀ ਰੋਜ਼ਾਨਾ ਰਿਪੋਰਟਿੰਗ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਮੰਡੀ ਬੋਰਡ ਨੂੰ ਕਿਹਾ ਕਿ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਤੋਂ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ।

ਪ੍ਰਸ਼ਾਸ਼ਨ ਵਲੋਂ ਤਰਨ ਤਾਰਨ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ| ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਵਲੋਂ ਅੱਜ ਇਥੇ ਜ਼ਿਲ੍ਹਾ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਵਿਚ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਦੇ ਇਲਾਵਾ ਆੜ੍ਹਤੀਆਂ ਜਥੇਬੰਦੀ ਦੇ ਪ੍ਰਤਿਨਿਧੀਆਂ ਨੇ ਸ਼ਮੂਲੀਅਤ ਕੀਤੀ।

ਅਧਿਕਾਰੀ ਨੇ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ 56 ਮੰਡੀਆਂ ਵਿਚ ਕਣਕ ਦੀ ਖਰੀਦ-ਵੇਚ ਲਈ ਸਫਾਈ, ਬਿਜਲੀ, ਪਾਣੀ ਅਤੇ ਛਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਹਰੇਕ ਆੜ੍ਹਤੀਆਂ ਨੂੰ ਆਪਣੇ ਕੋਲ 20-20 ਤਰਪਾਲਾਂ ਰੱਖਣ ਦੀ ਹਦਾਇਤ ਕੀਤੇ ਜਾਣ ਦੇ ਇਲਾਵਾ ਆਪਣੇ ਲਾਇਸੈਂਸ ਨਵਿਆਉਣ ਲਈ ਵੀ ਕਿਹਾ| ਅਧਿਕਾਰੀ ਨੇ ਕਿਸਾਨਾਂ ਨੂੰ ਆਪਣੀ ਜਿਣਸ ਸੁਕਾ ਕੇ ਮੰਡੀ ਵਿਚ ਲੈ ਕੇ ਆਉਣ ਦੀ ਵੀ ਅਪੀਲ ਕੀਤੀ| ਡੀਸੀ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਮੰਡੀਆਂ ਵਿਚ ਸਾਰੇ ਪ੍ਰਬੰਧ ਸਹੀ ਹੋਣ ਤਾਂ ਕਿ ਹਾੜ੍ਹੀ ਦਾ ਸੀਜ਼ਨ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ਅਜੀਤ