ਕਿਸਾਨ ਅੰਦੋਲਨ ਚ ਕੇਂਦਰ ਨੇ ਖੇਡਿਆ ਨਵਾਂ ਦਾਅ, ਪੰਜਾਬ ਨੂੰ ਫਸਲਾਂ ਦੀ ਅਦਾਇਗੀ ਦਾ ਨਵਾਂ ਸਿਸਟਮ ਲਾਗੂ ਕਰਨ ਦਾ ਹੁਕਮ

February 25 2021

ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਬਾਕਾਇਦਾ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਤਿਆਰੀ ਲਈ ਕਹਿ ਦਿੱਤਾ ਗਿਆ ਹੈ। ਦੂਜੇ ਪਾਸੇ ਆੜ੍ਹਤੀਏ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਔਖੇ ਹਨ। ਇਸ ਲਈ ਆੜ੍ਹਤੀਆਂ ਵੀ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਬਾਰੇ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਦੀ ਫੈਡਰੇਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਦਾ ਕਹਿਣਾ ਹੈ ਕਿ ਜੇ ਸਿੱਧੀ ਅਦਾਇਗੀ ਕੀਤੀ ਤਾਂ ਪੰਜਾਬ ਭਰ ਦੇ ਆੜ੍ਹਤੀਏ ਪਹਿਲੀ ਅਪਰੈਲ ਤੋਂ ਹੜਤਾਲ ’ਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇਹ ਨਵੀਂ ਚਾਲ ਚੱਲੀ ਹੈ ਤਾਂ ਜੋ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤਿਆਂ ’ਚ ਦਰਾੜ ਪਾਈ ਜਾ ਸਕੇ।

ਦੱਸ ਦਈਏ ਕਿ ਮੰਗਲਵਾਰ ਨੂੰ ਭਾਰਤੀ ਖੁਰਾਕ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦਿੱਲੀ ’ਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕੇਂਦਰ ਸਰਕਾਰ ਨੇ ਕਣਕ ਦੀ ਅਗਲੀ ਫਸਲ ਲਈ ਕਿਸਾਨਾਂ ਨੂੰ ਸਿੱਧੀ ਅਦਾਇਗੀ ਕੀਤੇ ਜਾਣ ਲਈ ਆਖ ਦਿੱਤਾ ਹੈ।

ਉਧਰ, ਪੰਜਾਬ ਦੇ ਅਧਿਕਾਰੀਆਂ ਨੇ ਅਗਲੀ ਫਸਲ ਦੀ ਅਦਾਇਗੀ ਆੜ੍ਹਤੀਆਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣ ਦੀ ਵਿਵਸਥਾ ਜਾਰੀ ਰੱਖਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਅੱਗੇ ‘ਪੰਜਾਬ ਫਾਇਨਾਂਸ ਮੈਨੇਜਮੈਂਟ ਸਿਸਟਮ’ (ਪੀਐਫਐਮਐਸ) ਤਹਿਤ ਪੈਸਾ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦੇਣਗੇ। ਅਧਿਕਾਰੀਆਂ ਨੇ ਕਿਹਾ ਕਿ ਉਹ ਇਸੇ ਹਫਤੇ ਮੁੜ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live