ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, 87 ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

February 22 2021

ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ੀ ਕਿਸਾਨਾਂ ਦੀ ਵੀ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ 87 ਕਿਸਾਨ ਜਥੇਬੰਦੀਆਂ ਤੇ ਖੇਤੀ ਤੇ ਖੁਰਾਕੀ ਹੱਕਾਂ ਬਾਰੇ ਸੰਘਰਸ਼ ਕਰਨ ਵਾਲੇ ਸੰਗਠਨਾਂ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਇਨ੍ਹਾਂ ਜਥੇਬੰਦੀਆਂ ਨੇ ਕਿਹਾ ਹੈ ਕਿ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹਨਛ ਉਨ੍ਹਾਂ ਨੇ ਭਾਰਤ ਤੇ ਅਮਰੀਕਾ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਹੈ ਕਿ ਕਿਸਾਨਾਂ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਤੇ ਖੁਰਾਕ ਢਾਂਚੇ ਦੀ ਰਾਖੀ ਯਕੀਨੀ ਬਣਾਈ ਜਾਵੇ।

ਅਮਰੀਕੀ ਸੰਗਠਨਾਂ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਭਾਰਤ ਦੇ ਕਿਸਾਨਾਂ ਨੇ ਗ਼ੈਰਵਾਜਬ ਖੇਤੀ ਕਾਨੂੰਨਾਂ ਖ਼ਿਲਾਫ਼ ਵਿਸ਼ਵ ਦੀ ਸਭ ਤੋਂ ਵੱਡੀ ਮੁਹਿੰਮ ਛੇੜੀ ਹੈ। ਉਨ੍ਹਾਂ ਕਾਹਲੀ ਨਾਲ ਕਾਨੂੰਨ ਸੰਸਦ ਵਿੱਚ ਪਾਸ ਕਰਨ ਤੇ ਸ਼ਾਂਤੀਪੂਰਨ ਰੋਸ ਪ੍ਰਗਟਾਉਣ ਦੇ ਹੱਕ ਨੂੰ ਦੱਬਣ ਲਈ ਚੱਲੀਆਂ ਗਈਆਂ ਚਾਲਾਂ ਦਾ ਜ਼ਿਕਰ ਵੀ ਕੀਤਾ ਹੈ।

ਸੰਗਠਨਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਭਰੋਸੇ ਵਿੱਚ ਲਏ ਬਿਨਾਂ ਮੰਡੀ ਢਾਂਚੇ ਨੂੰ ਆਜ਼ਾਦ ਕਰਨਾ ਠੀਕ ਨਹੀਂ। ਅਮਰੀਕੀ ਸੰਗਠਨ ‘ਇੰਸਟੀਚਿਊਟ ਫਾਰ ਐਗਰੀਕਲਚਰ ਐਂਡ ਟਰੇਡ ਪਾਲਿਸੀ’ ਦੀ ਕਾਰਜਕਾਰੀ ਡਾਇਰੈਕਟਰ ਸੋਫ਼ੀਆ ਮਰਫ਼ੀ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਤੇ ਭਾਰਤ ਦੇ ਕਿਸਾਨਾਂ ਨਾਲ ਖੜ੍ਹੇ ਹਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live