ਕਿਸਾਨ ਜਥੇਬੰਦੀਆਂ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

February 15 2021

ਸਥਾਨਕ ਗੁਰਦੁਆਰਾ ਰਹਿਮਤਸਰ ਸਾਹਿਬ ਦੇ ਪ੍ਰਬੰਧਕ ਬਾਬਾ ਕਰਮ ਸਿੰਘ ਬਨੂੜ ਦੀ ਅਗਵਾਈ ਹੇਠ ਅੱਜ ਖੇਤੀ ਕਾਨੂੰਨਾਂ ਖਿਲਾਫ ਰੋਸ ਮਾਰਚ ਕੱਢਿਆ ਗਿਆ। ਬਾਬਾ ਕਰਮ ਸਿੰਘ, ਨਿਹਾਲ ਸਿੰਘ, ਬਸਪਾ ਆਗੂ ਜਗਜੀਤ ਸਿੰਘ ਛੜਬੜ੍ਹ, ਸਮਾਜ ਸੇਵੀ ਅਵਤਾਰ ਸਿੰਘ ਬਨੂੜ, ਸੋਹਜਵੀਰ ਸਿੰਘ ਸਰਪੰਚ ਖਲੌਰ ਦੀ ਦੇਖ-ਰੇਖ ਹੇਠ ਗੁਰਦੁਆਰਾ ਸਾਹਿਬ ਤੋਂ ਬੈਰੀਅਰ ਤੱਕ ਕੱਢੇ ਗਏ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਹੋਰ ਸੰਗਤਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਵਿੱਚ ਸ਼ਾਮਿਲ ਸੰਗਤਾਂ ਨੇ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਪੈਂਦੇ ਅਜ਼ੀਜ਼ਪੁਰ ਟੌਲ ਪਲਾਜ਼ਾ ਉੱਤੇ 126 ਦਿਨਾਂ ਤੋਂ ਚੱਲ ਰਹੇ ਧਰਨੇ ਉੱਤੇ ਅੱਜ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਪੁਲਵਾਮਾ ਵਿਚ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਸਮਾਰੋਹ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਹੀਦਾਂ ਨੂੰ ਸਰਧਾਂਜਲੀ ਦਿੱਤੀ ਤੇ ਸ਼ਾਮ ਸਮੇਂ ਮੋਮਬੱਤੀ ਮਾਰਚ ਵੀ ਕੱਢਿਆ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਬਾਰਡਰ ਉੱਤੇ ਜਵਾਨਾਂ ਤੇ ਖੇਤਾਂ ਵਿੱਚ ਕਿਸਾਨਾਂ ਕਾਰਨ ਹੀ ਭਾਰਤ ਵਿੱਚ ਅਮਨ ਅਤੇ ਖੁਸ਼ਹਾਲੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਆਖਿਆ ਕਿ ਕੇਂਦਰ ਜਵਾਨਾਂ ਪ੍ਰਤੀ ਵੀ ਗੰਭੀਰ ਨਹੀਂ ਹੈ।

ਕਿਸਾਨ ਆਗੂਆਂ ਨੇ ਇਸ ਮੌਕੇ ਸਵਾ ਦੋ ਸੌ ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਚੇਤੇ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅੜੀਅਲ ਵਤੀਰਾ ਛੱਡ ਕੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਸਲਾਹ ਦਿੰਦਿਆ ਹਰਿਆਣਾ ਸਰਕਾਰ ਦੇ ਇੱਕ ਮੰਤਰੀ ਵੱਲੋਂ ਸ਼ਹੀਦ ਕਿਸਾਨਾਂ ਸਬੰਧੀ ਦਿੱਤੇ ਵਿਵਾਦਿਤ ਬਿਆਨ ਦੀ ਨਿਖੇਧੀ ਕੀਤੀ।

ਕੇਂਦਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾ ਨੂੰ ਰੱਦ ਕਰਾਉਣ ਲਈ ਟੌਲ ਪਲਾਜ਼ਾ ਦੱਪਰ ਵਿਚ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ ਤੇ ਕਿਸਾਨ ਆਗੂਆਂ ਨੇ ਟੌਲ ਪਲਾਜ਼ਾ ਦੱਪਰ ਤੇ ਸ਼ਾਮ 6 ਵਜੇ ਇਕੱਠੇ ਹੋ ਕੇ ਪੁਲਵਾਮਾ ਵਿੱਚ ਸ਼ਹੀਦ ਹੋਏ ਫੌਜੀਆਂ ਲਈ ਮੋਮਬੱਤੀ ਮਾਰਚ ਕੱਢਿਆ ਅਤੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ ਦਿੱਲੀ ਦੇ ਬਾਰਡਰਾਂ ਤੇ ਸਾਰੇ ਟੌਲ ਪਲਾਜ਼ਿਆਂ ’ਤੇ ਸਾਂਤਮਈ ਤਰੀਕੇ ਨਾਲ ਜਾਰੀ ਹੈ ਤੇ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।

ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਉਤੇ ਅੱਜ ਸ਼ਾਮ ਦਾਣਾ ਮੰਡੀ ਖਮਾਣੋਂ ਦੇ ਗੇਟ ਅੱਗੇ ਇਕੱਠੇ ਹੋਏ। ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ਵਿਚ ਕੇਂਦਰ ਸਰਕਾਰ ਦੀ ਜੰਮ ਕੇ ਨਿਖੇਧੀ ਕੀਤੀ ਤੇ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਅਸਮਾਨ ਗੁੰਜਾਊ ਨਾਅਰੇ ਲਗਾਏ। ਬੁਲਾਰਿਆਂ ਨੇ ਪੁਲਵਾਮਾ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀ ਅਤੇ ਇਸ ਮਗਰੋਂ ਖਮਾਣੋ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਪ੍ਰਭਾਵਸ਼ਾਲੀ ਮੋਮਬੱਤੀ ਮਾਰਚ ਕੱਢਿਆ ਗਿਆ। ਆਗੂਆਂ ਨੇ ਦੱਸਿਆ ਕਿ 18 ਫਰਵਰੀ ਨੂੰ ਰੇਲ ਦਾ ਚੱਕਾ ਜਾਮ ਰੇਲਵੇ ਸਟੇਸ਼ਨ ਫਰੌਰ ਖਮਾਣੋਂ ਵਿਚ ਕੀਤਾ ਜਾਵੇਗਾ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ।

ਪੰਚਕੂਲਾ ਦੇ ਚੰਡੀਮੰਦਰ ਟੌਲ ਪਲਾਜ਼ਾ ’ਤੇ ਬੈਠੇ ਕਿਸਾਨਾਂ ਨੇ ਪਿੰਜੌਰ ਵਿੱਚ ਅੱਜ ਪੁਲਵਾਵਾਂ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਿਆ। ਸ਼ਾਮ ਵੇਲੇ ਪਿੰਜੌਰ ਗਾਰਡਨ ਦੇ ਬਾਹਰ ਲੋਕ ਇਕੱਠੇ ਹੋਏ ਤੇ ਬਾਜ਼ਾਰਾਂ ਵਿੱਚ ਮੋਮਬੱਤੀ ਮਾਰਚ ਕੱਢਿਆ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune