ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ

December 12 2020

ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵੱਡਾ ਕਾਫਲਾ ਅੱਜ ਇੱਥੇ ਸ੍ਰੀ ਅਕਾਲ ਤਖਤ ’ਤੇ ਅਰਦਾਸ ਕਰਨ ਮਗਰੋਂ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਖਿਆ ਕਿ ਉਹ ਲੋਕਾਂ ਦੀ ਆਵਾਜ਼ ਸੁਣਨ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ। ਅੱਜ ਸਵੇਰੇ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਜਥੇ ਦੇ ਕਾਰਕੁਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਵਿਖੇ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕੀਤੀ। ਮਗਰੋਂ ਗੋਲਡਨ ਗੇਟ ਤੋਂ ਟਰੈਕਟਰ ਟਰਾਲੀਆਂ ਦੇ ਰੂਪ ਵਿਚ ਕਿਸਾਨਾਂ ਦਾ ਵੱਡਾ ਕਾਫ਼ਲਾ ਨਾਅਰੇ ਅਤੇ ਜੈਕਾਰੇ ਲਾਉਂਦਾ ਹੋਇਆ ਦਿੱਲੀ ਵੱਲ ਰਵਾਨਾ ਹੋਇਆ। ਇਸ ਸਬੰਧੀ ਗੱਲ ਕਰਦਿਆਂ ਸ੍ਰੀ ਪੰਧੇਰ ਨੇ ਦੱਸਿਆ ਕਿ ਕਾਫ਼ਲੇ ਵਿਚ ਬਿਆਸ ਤੋਂ ਵੱਡੀ ਗਿਣਤੀ ਵਿੱਚ ਮਾਝੇ ਦੇ ਕਿਸਾਨ ਸ਼ਾਮਲ ਹੋਏ ਹਨ, ਜਿਨ੍ਹਾਂ ਵਿਚ ਗੁਰਦਾਸਪੁਰ, ਤਰਨ ਤਾਰਨ ਆਦਿ ਜ਼ਿਲ੍ਹਿਆਂ ਦੇ ਲੋਕ ਸ਼ਾਮਲ ਹਨ।

ਇਸੇ ਤਰ੍ਹਾਂ ਅਗਾਂਹ ਦੋਆਬਾ ਅਤੇ ਮਾਲਵਾ ਹਲਕਿਆਂ ਤੋਂ ਵੀ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ 1,500 ਤੋਂ ਵੱਧ ਟਰੈਕਟਰ-ਟਰਾਲੀਆਂ ਦਾ ਇਹ ਕਾਫ਼ਲਾ ਰਾਤ ਨੂੰ ਸ਼ਾਹਬਾਦ ਮਾਰਕੰਡਾ ਹਰਿਆਣਾ ਵਿਚ ਵਿਸ਼ਰਾਮ ਕਰੇਗਾ ਅਤੇ ਭਲਕੇ ਦਿੱਲੀ ਨੇੜੇ ਕੁੰਡਲੀ ਬਾਰਡਰ ਵੱਲ ਕੂਚ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ 50 ਹਜ਼ਾਰ ਤੋਂ ਵੱਧ ਕਿਸਾਨ ਮਜ਼ਦੂਰ ਇਸ ਕਾਫਲੇ ਰਾਹੀਂ ਦਿੱਲੀ ਧਰਨੇ ਵਿਚ ਪੁੱਜਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਗਏ ਜਥੇਬੰਦੀ ਦੇ ਇੱਕ ਜਥੇ ਨੇ ਉਥੇ ਮੋਰਚਾ ਲਾਇਆ ਹੋਇਆ ਹੈ। ਪਹਿਲਾ ਜਥਾ 27 ਨਵੰਬਰ ਨੂੰ ਰਵਾਨਾ ਹੋਇਆ ਸੀ, ਜਿਸ ਦੀ ਅਗਵਾਈ ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾਵਾਂ, ਲਖਵਿੰਦਰ ਸਿੰਘ ਵਰਿਆਮਨੰਗਲ ਨੇ ਕੀਤੀ। ਇਸ ਜਥੇ ਦੀ ਅਗਵਾਈ ਹੇਠ ਧਰਨਾ ਜਾਰੀ ਹੈ। ਉਨ੍ਹਾਂ ਦੱਸਿਆ ਕਿ ਤੀਜਾ ਜਥਾ 24 ਦਸੰਬਰ ਨੂੰ ਗੁਰਦਾਸਪੁਰ ਤੋਂ ਰਵਾਨਾ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਆਖਿਆ ਕਿ ਅੱਜ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਦਿਆਂ ਹਾਕਮਾਂ ਨੂੰ ਲੋਕਾਂ ਦੀ ਆਵਾਜ਼ ਸੁਣਨ ਅਤੇ ਲੋਕਤੰਤਰ ਦੇ ਹੱਕ ਵਿਚ ਫ਼ੈਸਲਾ ਕਰਨ ਦੀ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੀ ਆਵਾਜ਼ ਸੁਣਨ ਅਤੇ ਉਨ੍ਹਾਂ ਦੀ ਮੰਗ ਪ੍ਰਵਾਨ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ।

ਇਸ ਦੌਰਾਨ ਦਿੱਲੀ ਜਾ ਰਹੇ ਕਿਸਾਨਾਂ ਵਿਚ ਸ਼ਾਮਲ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਜਥਾ ਲੰਮੇ ਸਮੇਂ ਲਈ ਧਰਨਾ ਲਾਉਣ ਦੀ ਤਿਆਰੀ ਕਰਕੇ ਰਵਾਨਾ ਹੋਇਆ ਹੈ। ਇਸ ਦੌਰਾਨ ਸਿੱਖ ਜਥੇਬੰਦੀ ਯੂਨਾਈਟਿਡ ਸਿੱਖਸ ਵਲੋਂ ਇੱਥੇ ਗੋਲਡਨ ਗੇਟ ਨੇੜੇ ਪੈਟਰੋਲ ਪੰਪ ਤੋਂ ਕਿਸਾਨਾਂ ਦੀਆਂ ਸਾਰੀਆਂ ਟਰੈਕਟਰ-ਟਰਾਲੀਆਂ ਵਿਚ ਦਿੱਲੀ ਪੁੱਜਣ ਵਾਸਤੇ ਮੁਫ਼ਤ ਡੀਜ਼ਲ ਪਵਾਉਣ ਦੀ ਸੇਵਾ ਕੀਤੀ ਗਈ ਹੈ। ਜਥੇਬੰਦੀ ਦੇ ਕਾਰਕੁਨ ਚਰਨਜੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਵਲੋਂ ਦਿੱਲੀ ਜਾ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਅਤੇ ਦਿੱਲੀ ਬਾਰਡਰ ’ਤੇ ਧਰਨਾ ਦੇ ਰਹੇ ਕਿਸਾਨਾਂ ਲਈ ਉਥੇ ਵੀ ਹਰ ਸੰਭਵ ਮੱਦਦ ਮੁਹੱਈਆ ਕੀਤੀ ਜਾ ਰਹੀ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune