ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਧਰਨੇ ਜਾਰੀ

March 10 2021

ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ਿੱਦ ਦੀ ਖਮਿਆਜ਼ਾ ਭੁਗਤਣਾ ਪਵੇਗਾ। ਇਥੇ ਰੇਲਵੇ ਸਟੇਸ਼ਨ ਨੇੜੇ ਕਿਸਾਨ ਜਥੇਬੰਦੀਆਂ ਵਲੋਂ ਅਤੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਬੀਬੀਆਂ ਤੇ ਕਿਸਾਨ ਪੱਕੇ ਰੋਸ ਧਰਨਿਆਂ ’ਤੇ ਡਟੇ ਹੋਏ ਹਨ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਕਰਮਜੀਤ ਮੰਗਵਾਲ, ਲਾਭ ਸਿੰਘ ਖੁਰਾਣਾ, ਗੁਰਦੀਪ ਸਿੰਘ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ, ਬਲਦੇਵ ਸਿੰਘ ਬੱਗੂਆਣਾ, ਬਲਜੀਤ ਸਿੰਘ ਕਿਲਾਭਰੀਆਂ, ਰਣਜੀਤ ਕੌਰ ਛੰਨਾਂ, ਸੁਖਵਿੰਦਰ ਕੌਰ ਬਾਲੀਆਂ ਅਤੇ ਕੁਲਦੀਪ ਕੌਰ ਕਿਲਾਭਰੀਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮਹਿਲਾ ਦਿਵਸ ਮੌਕੇ ਟਿੱਕਰੀ ਬਾਰਡਰ ’ਤੇ ਹੋਏ ਔਰਤਾਂ ਦੇ ਇਕੱਠ ਨੇ ਕਿਸਾਨ ਅੰਦੋਲਨ ਨੂੰ ਮਜ਼ਬੂਤੀ ਬਖ਼ਸ਼ੀ ਹੈ ਅਤੇ ਸੰਘਰਸ਼ੀ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ ਹਨ।

ਕੇਂਦਰ ਸਰਕਾਰ ਵੱਲੋਂ ਲਾਗੂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਅੱਜ ਇਥੇ ਰਿਲਾਇੰਸ ਪੰਪ ’ਤੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮੀਤ ਪ੍ਰਧਾਨ ਬਹਾਦਰ ਸਿੰਘ ਭੁਟਾਲ, ਰਾਮ ਸਿੰਘ ਨੰਗਲਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਕਾਨੂੰਨ ਨਾ ਤਾਂ ਕਿਸਾਨਾਂ ਦੀ ਸਲਾਹ ਨਾਲ ਬਣਾਏ ਹਨ ਨਾ ਹੀ ਕਿਸਾਨਾਂ ਨੂੰ ਇਹ ਕਾਨੂੰਨ ਮਨਜ਼ੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤਿੰਨੇ ਕਾਲ਼ੇ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ ਨੂੰ ਰੱਦ ਕਰਕੇ ਦੇਸ਼ ਦੇ ਕਿਸਾਨਾਂ ਨੂੰ ਐੱਮ ਐੱਸ ਪੀ ਦੀ ਗਾਰੰਟੀ ਵਾਲਾ ਕਾਨੂੰਨ ਬਣਾ ਕੇ ਦੇਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੇ ਮੁੱਲ ਦੇਵੇ ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾਂ ਅੱਜ 160 ਵੇ ਦਿਨ ਵਿੱਚ ਦਾਖ਼ਲ ਹੋ ਗਿਆ, ਅੱਜ ਵੀ ਕੇਂਦਰ ਸਰਕਾਰ ਤੇ ਅੰਬਾਨੀ ਤੇ ਅੰਡਾਨੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਪੰਜ ਸੂਬਿਆਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਜ਼ੋਰਦਾਰ ਪ੍ਰਚਾਰ ਕੀਤਾ ਜਾਵੇਗਾ ਤੇ ਕੇਂਦਰ ਸਰਕਾਰ ਦਾ ਜੰਮਕੇ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਧਰਨਿਆਂ ਵਿੱਚ ਔਰਤਾਂ ਦੀ ਇਤਿਹਾਸਕ ਸ਼ਮੂਲੀਅਤ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਇਹ ਖੇਤੀ ਕਾਨੂੰਨ ਕਿਸਾਨੀ ਔਰਤਾਂ ਨੂੰ ਵੀ ਠੀਕ ਨਹੀਂ ਲੱਗ ਰਹੇ। ਉਨ੍ਹਾਂ ਕਿਹਾ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨੀ ਧਰਨਿਆਂ ਲਈ ਨਵੀਂ ਰੂਪ-ਰੇਖਾ ਉਲੀਕੀ ਗਈ ਹੈ। ਇਸ ਮੌਕੇ ਗੁਰੀ ਮਾਨ ਧੂਰੀ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਗੁਰਜੰਟ ਸਿੰਘ ਬਾਦਸ਼ਾਹਪੁਰ, ਰਾਮ ਸਿੰਘ ਕੱਕੜਵਾਲ, ਜਸਪਾਲ ਕੌਰ ਪੇਧਨੀ, ਹਰਪਾਲ ਸਿੰਘ ਪੇਧਨੀ, ਬਲਜੀਤ ਕੌਰ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune