ਕਿਸਾਨਾਂ ਨੇ ਦਿੱਲੀ ’ਚ ਇੱਕ ਮਹੀਨੇ ਲਈ ਧਰਨੇ ਦੀ ਤਿਆਰੀ ਖਿੱਚੀ

November 25 2020

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦਾ ਘਿਰਾਓ ਕਰਨ ਦੇ ਪ੍ਰੋਗਰਾਮ ਤਹਿਤ ਕਿਸਾਨਾਂ ਵੱਲੋਂ ਲਗਪਗ ਇੱਕ ਮਹੀਨੇ ਦਾ ਧਰਨਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਲੋੜੀਂਦਾ ਸਾਮਾਨ ਇਕੱਠਾ ਕੀਤਾ ਗਿਆ ਹੈ। ਇਸ ਦੌਰਾਨ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਕਿਸਾਨਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ।

ਕੇਂਦਰ ਸਰਕਾਰ ਦਾ ਘਿਰਾਓ ਕਰਨ ਲਈ ਕਿਸਾਨਾਂ ਨੇ ਲੰਮੇ ਸੰਘਰਸ਼ ਦੀ ਤਿਆਰੀ ਵਿੱਢੀ ਹੈ। ਜੇ ਕਿਸਾਨਾਂ ਨੂੰ ਦਿੱਲੀ ਪੁੱਜਣ ਤੋਂ ਰੋਕਿਆ ਜਾਂਦਾ ਹੈ ਤਾਂ ਉਨ੍ਹਾਂ ਵੱਲੋਂ ਰੋਕੇ ਜਾਣ ਵਾਲੀ ਥਾਂ ’ਤੇ ਪੱਕੇ ਧਰਨੇ ਦੇਣ ਦੀ ਯੋਜਨਾ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਧਰਨਿਆਂ ਲਈ ਲੋੜੀਂਦਾ ਸਾਮਾਨ ਇਕੱਠਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਦਿੱਲੀ ਜਾਣ ਵਾਸਤੇ ਟਰੱਕਾਂ ਅਤੇ ਟਰੈਕਟਰ-ਟਰਾਲੀਆਂ ਦਾ ਪ੍ਰਬੰਧ ਕੀਤਾ ਹੈ। ਟਰੱਕਾਂ ਉੱਪਰ ਤਰਪਾਲਾਂ ਪਾ ਕੇ ਛੱਤਾਂ ਪਾਈਆਂ ਗਈਆਂ ਹਨ। ਇਸੇ ਤਰ੍ਹਾਂ ਟਰਾਲੀਆਂ ਉੱਪਰ ਵੀ ਛੱਤਾਂ ਪਾਈਆਂ ਗਈਆਂ ਹਨ ਤਾਂ ਜੋ ਰਾਤ ਵੇਲੇ ਇਨ੍ਹਾਂ ਵਿੱਚ ਆਰਾਮ ਕੀਤਾ ਜਾ ਸਕੇ। ਇਸੇ ਤਰ੍ਹਾਂ ਲੰਗਰ ਵਾਸਤੇ ਰਾਸ਼ਨ, ਗੈਸ ਸਿਲੰਡਰ, ਗਰਮ ਕੱਪੜੇ, ਗੱਦੇ ਤੇ ਹੋਰ ਸਾਮਾਨ ਇਕੱਠਾ ਕੀਤਾ ਗਿਆ ਹੈ।

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਘੱਟੋ-ਘੱਟ ਇੱਕ ਮਹੀਨੇ ਦਾ ਰਾਸ਼ਨ ਇਕੱਠਾ ਕੀਤਾ ਗਿਆ ਹੈ ਤਾਂ ਜੋ ਧਰਨਾ ਲੰਮਾ ਚੱਲਣ ’ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਭਲਕੇ 25 ਨਵੰਬਰ ਨੂੰ ਵਾਹਨਾਂ ਦਾ ਕਾਫ਼ਲਾ ਦਿੱਲੀ ਰਵਾਨਾ ਹੋਵੇਗਾ। ਟਰੈਕਟਰ-ਟਰਾਲੀਆਂ ਸਵੇਰੇ ਯਾਤਰਾ ਸ਼ੁਰੂ ਕਰਨਗੀਆਂ ਜਦਕਿ ਟਰੱਕ ਦੁਪਹਿਰ ਵੇਲੇ ਰਵਾਨਾ ਹੋਣਗੇ।

ਇਸ ਦੌਰਾਨ ਕਿਸਾਨ ਆਗੂ ਲਖਬੀਰ ਸਿੰਘ ਨਿਜ਼ਾਮਪੁਰਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਲਈ ਲੋਕਾਂ ਤੇ ਕੁਝ ਦੁਕਾਨਦਾਰਾਂ ਵੱਲੋਂ ਆਰਥਿਕ ਮਦਦ ਦਿੱਤੀ ਜਾ ਰਹੀ ਹੈ ਅਤੇ ਸਮਾਜ ਸੇਵੀਆਂ ਵੱਲੋਂ ਲੋੜੀਂਦੀਆਂ ਵਸਤਾਂ ਭੇਟ ਕੀਤੀਆਂ ਗਈਆਂ ਹਨ। ਕੈਮਿਸਟਾਂ ਨੇ ਮੁੱਢਲੀ ਸਹਾਇਤਾ ਬਾਕਸ ਦਿੱਤੇ ਹਨ, ਜਿਨ੍ਹਾਂ ਵਿੱਚ ਲੋੜੀਂਦੀਆਂ ਦਵਾਈਆਂ ਸ਼ਾਮਲ ਹਨ। ਕਿਸਾਨ ਆਗੂ ਨੇ ਆਖਿਆ ਕਿ ਅੰਮ੍ਰਿਤਸਰ ਤੋਂ ਹਜ਼ਾਰਾਂ ਕਿਸਾਨ ਦਿੱਲੀ ਲਈ ਰਵਾਨਾ ਹੋਣਗੇ।

ਸ਼ਵੇਤ ਮਲਿਕ ਦੇ ਘਰ ਬਾਹਰ ਧਰਨਾ ਜਾਰੀ

ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲਾਇਆ ਧਰਨਾ ਅੱਜ ਵੀ ਜਾਰੀ ਰਿਹਾ। ਕਿਸਾਨ ਆਗੂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ, ਹਰਜੀਤ ਸਿੰਘ ਝੀਤੇ ਨੇ ਕਿਹਾ ਕਿ ਦਿੱਲੀ ਧਰਨੇ ਦੌਰਾਨ ਵੀ ਭਾਜਪਾ ਆਗੂ ਦੇ ਘਰ ਬਾਹਰ ਧਰਨਾ ਜਾਰੀ ਰਹੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune