ਕੇਂਦਰ ਖਿਲਾਫ਼ ਭੜਾਸ ਕੱਢਣ ਲਈ ਲੱਖਾਂ ਦੀ ਗਿਣਤੀ ਚ ਦਿੱਲੀ ਪੁੱਜਣਗੇ ਕਿਸਾਨ

November 23 2020

ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ 26-27 ਨਵੰਬਰ ਨੂੰ ਦਿੱਲੀ ਰਵਾਨਾ ਹੋਣ ਦੀ ਰਣਨੀਤੀ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਪਿੰਡ ਲਿਟਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟਾ ਅਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਧੁੱਗਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਅਗਵਾਈ ਵਿਚ ਹੋਈ।ਇਸ ਮੀਟਿੰਗ ਵਿਚ ਪੰਜਾਬ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਮੀਟਿੰਗ ਵਿਚ ਵੱਡੀ ਗਿਣਤੀ ਚ ਕਿਸਾਨ ਵੀ ਹਾਜ਼ਰ ਹੋਏ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਵਿਰੁੱਧ ਆਵਾਜ਼ ਬੁਲੰਦ ਕੀਤੀ।ਕਿਸਾਨ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਰੱਦ ਕਰਵਾਉਣ ਲਈ 26 ਅਤੇ 27 ਨਵੰਬਰ ਨੂੰ ਰਾਜਧਾਨੀ ਦਿੱਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿਚ ਕਿਸਾਨ ਰਵਾਨਾ ਹੋਣਗੇ। ਉਹਨਾਂ ਨੇ ਕਿਸਾਨਾਂ ਨੂੰ ਅਪਣੇ ਟਰੈਕਟਰ-ਟਰਾਲੀਆਂ ਵਿਚ ਸਵਾਰ ਹੋ ਕੇ ਰਾਸ਼ਣ ਪਾਣੀ ਦੇ ਪੁਖਤਾ ਪ੍ਰੰਬਧਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਕਿਸਾਨ ਕਦੇ ਵੀ ਅਪਣਾ ਹੱਕ ਖੋਹਣ ਨਹੀਂ ਦੇਣਗੇ। ਉਹਨਾਂ ਦੱਸਿਆ ਕਿ 25 ਤਰੀਕ ਨੂੰ ਹੀ ਹਜ਼ਾਰਾਂ ਟਰੈਕਟਾਂ ਤੇ ਲੱਖਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਨੂੰ ਕੂਚ ਕਰਨਗੇ।  ਉਹਨਾਂ ਦੱਸਿਆ ਕਿ ਬੀਤੇ ਦਿਨ ਹੋਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ 21 ਤਰੀਕ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਦੀਆਂ ਸਾਰੇ ਜ਼ਿਲ੍ਹਿਆਂ ਵਿਚ ਸਾਂਝੀਆਂ ਮੀਟਿੰਗਾਂ ਹੋਣਗੀਆਂ। ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕਿਸਾਨ ਇਹਨਾਂ ਖੇਤੀ ਕਾਨੂੰਨਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਤੇ ਇਹਨਾਂ ਕਾਨੂੰਨਾਂ ਨਾਲ ਉਹਨਾਂ ਨੂੰ ਅਪਣਾ ਭਵਿੱਖ ਹਨੇਰੇ ਵਿਚ ਦਿਖਾਈ ਦੇ ਰਿਹਾ ਹੈ। ਉਹਨਾਂ ਕਿਹਾ ਕਿ ਭਾਜਪਾ ਵੱਲੋਂ ਮਾਲ ਗੱਡੀਆਂ ਨਾ ਚਲਾ ਕੇ ਤੇ ਜੀਐਸਟੀ ਨਾ ਦੇ ਕੇ ਪੰਜਾਬ ਦੀ ਆਰਥਕ ਤੇ ਸਿਆਸੀ ਘੇਰਾਬੰਦੀ ਕੀਤੀ ਜਾ ਰਹੀ ਹੈ। ਕਿਸਾਨ ਯੂਨੀਅਨ ਨੇ ਕਿਹਾ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੀ ਕਮੀ ਹੋ ਰਹੀ ਹੈ, ਜਿਸ ਦੀ ਪੂਰਤੀ ਕਰਨਾ ਪੰਜਾਬ ਸਰਕਾਰ ਦਾ ਕੰਮ ਹੈ, ਜੇਕਰ ਪੰਜਾਬ ਸਰਕਾਰ ਨੇ ਖਾਦ ਦੀ ਕਮੀ ਪੂਰੀ ਨਾ ਕੀਤੀ ਤਾਂ ਉਹਨਾਂ ਦਾ ਵੀ ਘਿਰਾਓ ਕੀਤਾ ਜਾਵੇਗਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Rozana Spokesman