ਕੇਂਦਰ ਸਰਕਾਰ ਵੱਲੋਂ ਖਾਦਾਂ ਤੇ 28,655 ਕਰੋੜ ਦੀ ਸਬਸਿਡੀ ਦਾ ਐਲਾਨ

October 13 2021

ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਕਰ ਰਹੇ ਕਿਸਾਨਾਂ ਦੇ ਰੋਹ ਨੂੰ ਸ਼ਾਂਤ ਕਰਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਲਗਾਤਾਰ ਤਰ੍ਹਾਂ-ਤਰ੍ਹਾਂ ਦੇ ਫੈਸਲੇ ਲਏ ਰਹੇ ਹਨ। ਇਸੇ ਤਹਿਤ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਕੀਤਾ ਗਿਆ ਹੈ। ਕੇਂਦਰ ਵਿਚਲੀ ਮੋਦੀ ਸਰਕਾਰ ਨੇ ਫਾਸਫੈਟਿਕ ਤੇ ਪੋਟਾਸਿਕ (ਪੀ ਐਂਡ ਕੇ) ਖਾਦਾਂ ਤੇ 28,655 ਕਰੋੜ ਰੁਪਏ ਦੀ ਸ਼ੁੱਧ ਸਬਸਿਡੀ ਦਾ ਐਲਾਨ ਕੀਤਾ ਹੈ।

ਸਰਕਾਰੀ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਨੂੰ ਹਾੜ੍ਹੀ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਫਾਇਤੀ ਕੀਮਤਾਂ ਤੇ ਪੌਸ਼ਟਿਕ ਤੱਤ ਮਿਲ ਸਕਣ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਨੇ ਅਕਤੂਬਰ 2021 ਤੋਂ ਮਾਰਚ 2022 ਦੀ ਮਿਆਦ ਲਈ ਪੀ ਐਂਡ ਕੇ ਖਾਦਾਂ ਲਈ ਪੌਸ਼ਟਿਕ ਅਧਾਰਤ ਸਬਸਿਡੀ (ਐਨਬੀਐਸ) ਦੀਆਂ ਦਰਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪੰਜਾਬ ਸਰਕਾਰ ਨੇ ਬੀਜ ਸਬਸਿਡੀ ਨੀਤੀ ਐਲਾਨੀ

ਉਧਰ, ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਹਾੜੀ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦਾ ਬੀਜ 50 ਫ਼ੀਸਦੀ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਸਕੇ।

ਨੀਤੀ ਤਹਿਤ 20 ਕਰੋੜ ਰੁਪਏ ਦੀ ਸਬਸਿਡੀ ਨਾਲ ਕੁੱਲ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਪ੍ਰਦਾਨ ਕਰਨ ਨਾਲ ਲਗਪਗ ਇਕ ਲੱਖ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਹਨ।

ਝੋਨੇ ਦੀ ਖਰੀਦ ਵਿੱਚ ਤੇਜ਼ੀ

ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਂਦੀ ਹੈ। ਸਰਕਾਰੀ ਸੂਤਰਾਂ ਮੁਤਾਬਕ ਹੁਣ ਤੱਕ ਕੁੱਲ 1436688 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਚੋਂ 1353248 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਵਿਭਾਗ ਵੱਲੋਂ ਕਿਸਾਨਾਂ ਦੇ 1371.72 ਕਰੋੜ ਦੀ ਰਾਸ਼ੀ ਖਾਤਿਆਂ ਚ ਪਾ ਦਿੱਤੀ ਗਈ ਹੈ।

ਸਰਕਾਰੀ ਸੂਤਰਾਂ ਮੁਤਾਬਕ ਮੰਗਲਵਾਰ ਨੂੰ ਝੋਨੇ ਦੀ ਖਰੀਦ ਦੇ 10ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 272949 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਮੰਡੀਆਂ ਚ 1333545 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵੱਲੋਂ ਤੇ 19703 ਮੀਟ੍ਰਿਕ ਟਨ ਮਿਲਰਜ਼ ਵੱਲੋਂ ਖਰੀਦਿਆ ਗਿਆ ਹੈ।

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: ABP Live