ਖੇਤੀ ਕਾਨੂੰਨ: ਕਾਂਗਰਸੀਆਂ ਨੇ ਟਰੈਕਟਰ ਰੈਲੀ ਕੱਢੀ

September 29 2020

ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀਆਂ ਨੇ ਟਰੈਕਟਰ ਰੈਲੀ ਕੱਢਦੇ ਹੋਏ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਚੰਡੀਗੜ੍ਹ ਕਾਂਗਰਸ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ ਪਰ ਉਹ ਤਾਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਖਤਮ ਕਰਨ ਲੱਗੀ ਹੋਈ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਫ਼ਸਲਾਂ ਦੀ ਐੱਮਐੱਸਪੀ ਨੂੰ ਲਾਜ਼ਮੀ ਲਾਗੂ ਕੀਤਾ ਜਾਵੇ।

ਭਾਜਪਾ ਅੱਜ ਕੱਢੇਗੀ ਟਰੈਕਟਰ ਮਾਰਚ

ਭਾਜਪਾ ਵੱਲੋਂ ਖੇਤੀ ਕਾਨੂੰਨਾਂ ਦੀ ਹਮਾਇਤ ਵਿੱਚ ਅੱਜ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਰਾਜ ਕੁਮਾਰ ਚਾਹਰ ਕਰਨਗੇ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਭਾਜਪਾ ਵੱਲੋਂ ਸਵੇਰੇ 11 ਵਜੇ ਸੈਕਟਰ-33 ਪਾਰਟੀ ਦਫ਼ਤਰ ਤੋਂ ਟਰੈਕਟਰ ਮਾਰਚ ਸ਼ੁਰੂ ਕੀਤਾ ਜਾਵੇਗਾ ਜੋ ਸੈਕਟਰ-32, 31, 29, ਟ੍ਰਿਬਿਊਨ ਚੌਕ, ਸੈਕਟਰ-30, 20, 22, 23, 24, 15, 16, 37 ਤੋਂ ਹੁੰਦੇ ਹੋਏ ਸੈਕਟਰ-34 ਵਿੱਚ ਖਤਮ ਹੋਵੇਗਾ। ਭਾਜਪਾ ਜਨਰਲ ਸਕੱਤਰ ਰਾਮਵੀਰ ਭੱਟੀ ਅਤੇ ਕਿਸਾਨ ਮੋਰਚਾ ਦੇ ਪ੍ਰਧਾਨ ਦੀਦਾਰ ਸਿੰਘ ਨੇ ਦੱਸਿਆ ਕਿ ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune