ਠੰਢੀਆਂ ਰਾਤਾਂ ’ਚ ਵੀ ਠੰਢਾ ਨਹੀਂ ਪਿਆ ਕਿਸਾਨਾਂ ਦਾ ਜੋਸ਼

November 12 2020

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਲਗਾਤਾਰ ਜਾਰੀ ਹੈ। ਪਿੰਡਾਂ ਵਿੱਚ 26-27 ਦੇ ‘ਦਿੱਲੀ ਚੱਲੋ’ ਦੇ ਸੱਦੇ ਤਹਿਤ ਤਿਆਰੀਆਂ ਦਾ ਸਿਲਸਿਲਾ ਵੀ ਚੱਲ ਰਿਹਾ ਹੈ। 30 ਕਿਸਾਨ ਸੰਗਠਨਾਂ ਵੱਲੋਂ ਰੇਲ ਪਟੜੀਆਂ ਨੇੜੇ ਧਰਨੇ ਚੱਲ ਰਹੇ ਹਨ। ਬਠਿੰਡਾ ’ਚ ਚੱਲ ਰਹੇ ਅਜਿਹੇ ਧਰਨੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਬਕ ਸਿਖਾਉਣ ਖ਼ਾਤਰ ਨਵੇਂ ਤੋਂ ਨਵੇਂ ਫ਼ੈਸਲੇ ਕਰ ਰਹੀ ਹੈ। ਮਾਲ ਗੱਡੀਆਂ ਬੰਦ ਕਰ ਕੇ ਪੰਜਾਬ ਦੀ ਆਰਥਿਕ ਨਾਕਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕੇਂਦਰ ਵੱਲੋਂ ਕਿਸਾਨਾਂ ਸੰਗਠਨਾਂ ਨੂੰ ਦਿੱਤੇ ਗਏ ਗੱਲਬਾਤ ਦੇ ਸੱਦੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਮੀਟਿੰਗ ਲਈ ਗੱਲਬਾਤ ਦਾ ਮਾਹੌਲ ਸਿਰਜਣ ਲਈ ਪਹਿਲਾਂ ਮਾਲ ਗੱਡੀਆਂ ਚਲਾਵੇ। ਉਨ੍ਹਾਂ ਆਖਿਆ ਕਿ 12 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਹੋਣ ਵਾਲੀ ਮੀਟਿੰਗ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਬਾਰੇ ਫੈਸਲਾ ਕਰੇਗੀ।  ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਕਮੇਟੀ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਸਿੰਘ ਹਨੀ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਜੀਦਾ ਆਦਿ ਨੇ ਸੰਬੋਧਨ ਕੀਤਾ। ਉਧਰ ਭਾਕਿਯੂ (ਉਗਰਾਹਾਂ) ਵੱਲੋਂ ਜ਼ਿਲ੍ਹੇ ’ਚ ਸ਼ਾਪਿੰਗ ਕੰਪਲੈਕਸਾਂ, ਟੌਨ ਪਲਾਜ਼ਿਆਂ ਅਤੇ ਪੈਟਰੌਲ ਪੰਪਾਂ ’ਤੇ ਧਰਨੇ ਜਾਰੀ ਹਨ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਭੁੱਚੋ ਅਤੇ ਰਾਮਪੁਰਾ ’ਚ ਭਾਜਪਾ ਦੇ ਦੋ ਆਗੂਆਂ ਦੇ ਘਰਾਂ ਅੱਗੇ ਵੀ ਧਰਨੇ ਦਿੱਤੇ ਜਾ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਲੱਗਿਆ ਮੋਰਚਾ ਅੱਜ 42ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਦੇ ਮੋਰਚੇ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਔਰਤਾਂ ਨੇ ਸ਼ਾਮਲ ਹੋ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਮਾਨਸਾ ਵਿੱਚ ਰੇਲਵੇ ਪਲੇਟਫਾਰਮ ਨੇੜੇ ਦਿੱਤੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ 26-27 ਨਵੰਬਰ ਨੂੰ ਦਿੱਲੀ ਵਿੱਚ ਆਜ਼ਾਦੀ ਤੋਂ ਬਾਅਦ ਦਾ ਸਭ ਤੋਂ ਵੱਡਾ ਇਕੱਠ ਹੋਵੇਗਾ ਤੇ ਇਤਿਹਾਸ ਸਿਰਜਿਆ ਜਾਵੇਗਾ। ਇਸ ਮੌਕੇ ਮਹਿੰਦਰ ਸਿੰਘ ਭੈਣੀਬਾਘਾ, ਰਾਜ ਅਕਲੀਆ, ਬੋਘ ਸਿੰਘ ਮਾਨਸਾ ਤੇ ਡਾ. ਧੰਨਾ ਮੱਲ ਗੋਇਲ ਆਦਿ ਨੇ ਵੀ ਸੰਬੋਧਨ ਕੀਤਾ। ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ-2020 ਖਿਲਾਫ 29 ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤੇ ਗਏ ਸਾਂਝੇ ਕਿਸਾਨ ਸੰਘਰਸ਼ ਦੀ ਕੜੀ ਵਜੋਂ ਬਰਨਾਲਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਸਾਹਮਣੇ 42ਵੇਂ ਦਿਨ ਵੀ ਮੋਦੀ ਸਰਕਾਰ ਖਿਲਾਫ਼ ਜੁੜੇ ਕਿਸਾਨ ਮਰਦ-ਔਰਤਾਂ ਵੱਲੋਂ ਪਿੱਟ ਸਿਆਪਾ ਕੀਤਾ ਗਿਆ। ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਕਿਸਾਨ ਧਰਨਿਆਂ ’ਤੇ ਡਟੇ ਹੋਏ ਹਨ। ਇੱਥੇ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਬਲੌਰ ਸਿੰਘ ਘਾਲੀ, ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਮੀਤ ਸਿੰਘ ਕਿਸ਼ਨਪੁਰਾ ਤੇ ਗੁਰਭਿੰਦਰ ਸਿੰਘ ਕੋਕਰੀ ਦੀ ਅਗਵਾਈ ਹੇਠ ਅਡਾਨੀ ਆਧੁਨਿਕ ਅਨਾਜ ਭੰਡਾਰ ਅੱਗੇ 42ਵੇਂ ਦਿਨ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਦੇ ਘਰ ਅੱਗੇ ਸੁਦਾਗਰ ਸਿੰਘ ਖਾਈ ਤੇ ਗੁਰਚਰਨ ਸਿੰਘ ਰਾਮਾ ਦੀ ਅਗਵਾਈ ਹੇਠ ਧਰਨਾ ਜਾਰੀ ਹੈ। ਸਥਾਨਕ ਰੇਲਵੇ ਸਟੇਸ਼ਨ ਉੱਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ ਦੀ ਅਗਵਾਈ ਹੇਠ ਧਰਨਾ ਜਾਰੀ ਰਿਹਾ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ-2020 ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰ ਲਾਲ ਝੰਡੇ ਲੈ ਕੇ ਸ਼ਾਮਲ ਹੋਏ ਅਤੇ ਮਜ਼ਦੂਰ-ਕਿਸਾਨ ਏਕਤਾ ਦੇ ਨਾਅਰੇ ਲਾਉਂਦਿਆਂ ਸਮਾਜਿਕ ਏਕਤਾ ਬਣਾਉਣ ਦੀ ਅਪੀਲ ਕੀਤੀ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਤੇ ਦੇਸ਼ ਵੇਚੂ ਨੀਤੀਆਂ ਖਿਲਾਫ਼ ਸਾਂਝੇ ਸੰਘਰਸ਼ ਦੀ ਮੁੱਖ ਲੋੜ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ 2022 ਵਿੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਨਾਅਰੇ ਮਾਰਨ ਵਾਲੀ ਮੋਦੀ ਸਰਕਾਰ ਨੇ ਕਿਸਾਨ ਨੂੰ ਬੇ-ਜ਼ਮੀਨ ਕਰਨ ਦਾ ਕਾਨੂੰਨ ਹੀ ਪਾਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ ਨੇ ਐਲਾਨ ਕੀਤਾ ਕਿ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਵਰਕਰ ਅਤੇ ਆਗੂ ਮਜ਼ਦੂਰਾਂ ਸਮੇਤ 26-27 ਨਵੰਬਰ ਨੂੰ ਕਿਸਾਨਾਂ ਨਾਲ ਦਿੱਲੀ ਜਾਣਗੇ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune