ਦਿੱਲੀ ਕੂਚ ਕਰਨ ਦੀਆਂ ਤਿਆਰੀਆਂ

November 20 2020

ਕੇਂਦਰ ਦੀ ਮੋਦੀ ਸਰਕਾਰ ਨੂੰ ਪਾਸ ਕੀਤੇ ਗਏ ਤਿੰਨ ਕਿਸਾਨ ਮਜ਼ਦੂਰ ਮਾਰੂ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 50ਵੇਂ ਦਿਨ ਵੀ ਜਾਰੀ ਰਿਹਾ। ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਰੇਲ ਰੋਕੂ ਮੋਰਚੇ ਤਹਿਤ ਅੱਜ ਕਿਸਾਨਾਂ ਵੱਲੋਂ ਦਿਨ ਭਰ ਰੋਸ ਭਰਪੂਰ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਮੁਤਾਬਕ ਜਿੱਥੇ ਗੁਰਦਾਸਪੁਰ ਰੇਲਵੇ ਸਟੇਸ਼ਨ ਬਾਹਰ ਧਰਨਾ ਜਾਰੀ ਰੱਖਿਆ ਜਾਵੇਗਾ ਉੱਥੇ ਹੀ ਦਿੱਲੀ ਹਕੂਮਤ ਦਾ ਮੂੰਹ ਮੋੜਨ ਲਈ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਵਿੱਚੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰਕੇ ਦਿੱਲੀ ਵਿਖੇ ਹੋ ਰਹੇ ਕਿਸਾਨ ਰੈਲੀ ‘ਚ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦਾ ਵਿਸ਼ਾਲ ਕਾਫਲਾ 25 ਨਵੰਬਰ ਨੂੰ ਸਵੇਰੇ 10 ਵਜੇ ਰਵਾਨਾ ਕੀਤਾ ਜਾਵੇਗਾ। ਇਸ ਮੌਕੇ ਧਰਨਾਕਾਰੀ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਜਲੰਧਰ ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਮਾਨਸਰ ਟੌਲ ਪਲਾਜ਼ਾ ਤੇ 39 ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਇਸ ਮੌਕੇ ਮਾਸਟਰ ਯੋਧ ਸਿੰਘ, ਧਰਮਿੰਦਰ ਸਿੰਘ ਸਿੰਬਲੀ, ਵਿਜੇ ਸਿੰਘ ਬਹਿਬਲ ਮੰਜ, ਅਵਤਾਰ ਸਿੰਘ ਬੋਬੀ, ਸਵਰਨ ਸਿੰਘ, ਅਰਜਨ ਸਿੰਘ ਕਜਲਾ, ਬਲਕਾਰ ਸਿੰਘ ਮੱਲ੍ਹੀ, ਅਮਰਜੀਤ ਸਿੰਘ ਕਾਨੂੰਗੋ, ਨਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune