ਦਿੱਲੀ ਵਿੱਚ ਵੱਡਾ ਇਕੱਠ ਕਰਨ ਦਾ ਐਲਾਨ

November 13 2020

ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ’ਚ ਚੱਲ ਰਹੇ ਰੋਸ ਧਰਨੇ ਦੌਰਾਨ ਕਿਸਾਨਾਂ ਵੱਲੋਂ ਐਲਾਨ ਕੀਤਾ ਹੈ ਕਿ 26 ਤੇ 27 ਨਵੰਬਰ ਨੂੰ ਖੇਤੀ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਵਹੀਰਾਂ ਘੱਤ ਕੇ ਦਿੱਲੀ ਵੱਲ ਕੂਚ ਕਰਨਗੇ ਅਤੇ ਕੇਂਦਰ ਸਰਕਾਰ ਨੂੰ ਵਖ਼ਤ ਪਾ ਦੇਣਗੇ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਦੇਸ਼ ਨੂੰ ਭੁੱਖਮਰੀ ਦਾ ਸ਼ਿਕਾਰ ਹੋਣ ਵੱਲ ਨਾ ਧੱਕਿਆ ਜਾਵੇ ਤੇ ਅੜੀਅਲ ਰਵੱਈਆ ਛੱਡ ਕੇ ਦੇਸ਼ ਦੇ ਅੰਨਦਾਤਾ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ।

ਅੱਜ ਰੋਸ ਧਰਨੇ ਨੂੰ ਭਾਕਿਯੂ ਰਾਜੇਵਾਲ ਯੂਥ ਵਿੰਗ ਦੇ ਆਗੂ ਗੁਰਜੀਤ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਨਛੱਤਰ ਸਿੰਘ, ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਗੁਰਤੇਜ ਸਿੰਘ ਜਨਾਲ, ਭਾਕਿਯੂ ਸਿੱਧੂਪੁਰ ਦੇ ਲਾਲੀ ਸਿੰਘ ਸਕਰੌਦੀ, ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਨਿਰਮਲ ਸਿੰਘ ਬਟੜਿਆਣਾ, ਭਾਕਿਯੂ ਡਕੌਦਾ ਦੀ ਮਹਿਲਾ ਆਗੂ ਸੁਖਪਾਲ ਕੌਰ ਛਾਜਲੀ, ਕਿਰਤੀ ਕਿਸਾਨ ਯੂਨੀਅਨ ਦੇ ਦਰਸ਼ਨ ਸਿੰਘ ਕੂੰਨਰ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸਾਜਿਸ਼ ਤਹਿਤ ਪੰਜਾਬ ਨੂੰ ਆਰÎਥਿਕ ਤੌਰ ’ਤੇ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲਵੇ ਟਰੈਕ ਖਾਲੀ ਹੋਣ ਦੇ ਬਾਵਜੂਦ ਮਾਲ ਗੱਡੀਆਂ ਨਾ ਚਲਾਉਣਾ ਕੇਂਦਰ ਦੀ ਸਾਜਿਸ਼ ਦਾ ਹਿੱਸਾ ਹੈ। ਆਗੂਆਂ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ ਪਰ ਕੇਂਦਰ ਸਰਕਾਰ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਬੁਲਾ ਕੇ ਕੇਂਦਰ ਸਰਕਾਰ ਕਿਸਾਨ ਆਗੂਆਂ ਨਾਲ ਮਾੜਾ ਵਿਹਾਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅੜੀਅਲ ਰਵੱਈਆ ਛੱਡ ਕੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਤੇ ਇਹ ਨਾ ਹੋਵੇ ਕਿ ਦੇਸ਼ ਭੁੱਖਮਰੀ ਦਾ ਸ਼ਿਕਾਰ ਹੋ ਜਾਵੇ।

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ’ਤੇ ਇਸ ਖੇਤਰ ਵਿੱਚੋਂ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ’ਤੇ ਸ਼ੰਭੂ ਰੇਲਵੇ ਸਟੇਸ਼ਨ ਦੇ ਬਾਹਰ ਕਿਸਾਨਾਂ ਵੱਲੋਂ ਕਿਸਾਨ ਆਗੁੂਆਂ ਗੁਰਬਖਸ਼ ਸਿੰਘ ਬਲਬੇੜਾ, ਹਜੂਰਾ ਸਿੰਘ ਮਿਰਜਾਂਪੁਰ, ਰਣਜੀਤ ਸਿੰਘ ਆਕੜ ਦੀ ਅਗਵਾੲ ’ਚ ਰਾਜਪੁਰਾ-ਅੰਬਾਲਾ ਜੀਟੀ ਰੋਡ ’ਤੇ ਪਿੰਡ ਡਾਹਰੀਆਂ ਕੋਲ ਰਿਲਾਇੰਸ ਪੈਟਰੋਲ ਪੰਪ ਤੇ ਨਾਭਾ ਪਾਵਰ ਥਰਮਲ ਪਲਾਂਟ ਰਾਜਪੁਰਾ ਨੂੰ ਜਾਂਦੀ ਰੇਲ ਲਾਈਨ ’ਤੇ ਪਿੰਡ ਸੂਰਲ ਖੁਰਦ ਨੇੜੇ ਕਿਸਾਨਾਂ ਵੱਲੋਂ ਰੋਸ ਧਰਨਾ ਅੱਜ ਜਾਰੀ ਰਿਹਾ। ਕਿਸਾਨ ਸੰਘਰਸ਼ ਨੂੰ ਹਮਾਇਤ ਦੇਣ ਲਈ ਕੌਮਾਂਤਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ, ਖੁਸ਼ਦੀਪ ਸਿੰਘ ਟਿੰਕੂ ਘਨੌਰ, ਸਿਮਰਨ ਮੰਡਿਆਣਾ ਆਦਿ ਨੇ ਸ਼ਿਰਕਤ ਕੀਤੀ। ਕਿਸਾਨ ਧਰਨੇ ਦੌਰਾਨ ਕਿਸਾਨਾਂ, ਮਜ਼ਦੂਰਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੁੂੰਨ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਵਾਰ ਵਾਰ ਮੀਟਿੰਗ ਦਾ ਸੱਦਾ ਦੇ ਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ ਪਰ ਪੰਜਾਬ ਦੇ ਲੋਕ ਮੋਦੀ ਸਰਕਾਰ ਦੇ ਮਾੜੇ ਮਨਸੂਬਿਆਂ ਤੋਂ ਜਾਣੂ ਹਨ। ਇਸ ਕਰਕੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ। 

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune