ਪਿੰਡਾਂ ’ਚ ਕਿਸਾਨਾਂ ਵੱਲੋਂ ਨਾਕਾਬੰਦੀ ਧਰਨੇ ਸ਼ੁਰੂ

August 26 2020

ਕਿਸਾਨਾਂ ’ਤੇ ਖੇਤੀ ਆਰਡੀਨੈਂਸ ਮੜ੍ਹਨ ਲਈ ਤਿਆਰ ਕੇਂਦਰ ’ਚ ਸੱਤਾਧਾਰੀ ਧਿਰਾਂ ਭਾਜਪਾ ਤੇ ਅਕਾਲੀ ਦਲ ਦੇ ਆਗੂਆਂ ਨੂੰ ਪਿੰਡਾਂ ’ਚ ਵੜਨ ਤੋਂ ਰੋਕਣ ਲਈ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਕਿਸਾਨਾਂ ਨੇ ਅੱਜ ਪਿੰਡ-ਪਿੰਡ ਨਾਕਾਬੰਦੀ ਧਰਨੇ ਸ਼ੁਰੂ ਕਰ ਦਿੱਤੇ ਹਨ।

ਧਰਨਿਆਂ ਦੀ ਵਰਚੁਅਲ ਅਗਵਾਈ ਕਰ ਰਹੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਕਰੋਨਾ ਸਾਵਧਾਨੀਆਂ ਵਰਤਦਿਆਂ 13 ਜ਼ਿਲ੍ਹਿਆਂ ਦੇ 500 ਤੋਂ ਵੱਧ ਪਿੰਡਾਂ ਦੇ ਧਰਨਿਆਂ ਵਿੱਚ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਨੇ ਪਿੰਡਾਂ ਦੇ ਮੁੱਖ ਰਸਤਿਆਂ ’ਤੇ ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਦੇ ਪਿੰਡ ਵਿੱਚ ਵੜਨ ’ਤੇ ਪਾਬੰਦੀ ਸਬੰਧੀ ਬੈਨਰ ਲਾਏ ਹੋਏ ਹਨ।

ਧਰਨਾਕਾਰੀਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਗੰਢੂਆਂ ਤੇ ਰਾਜਵਿੰਦਰ ਸਿੰਘ ਰਾਮਨਗਰ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ/ਬਲਾਕਾਂ/ਪਿੰਡਾਂ ਦੇ ਆਗੂ ਸ਼ਾਮਲ ਸਨ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਤਿੰਨੇ ਖੇਤੀ ਆਰਡੀਨੈਂਸ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਡੀਜ਼ਲ-ਪੈਟਰੋਲ ਕਾਰੋਬਾਰ ਦਾ ਸਰਕਾਰੀਕਰਨ, ਟੈਕਸ ਖ਼ਤਮ ਕਰਨ, ਖੇਤੀ ਲਈ ਡੀਜ਼ਲ ਅੱਧ ਮੁੱਲ ’ਤੇ ਦੇਣ, ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ ਦੇ ਇਕੱਠਾਂ ’ਤੇ ਲਾਈਆਂ ਪਾਬੰਦੀਆਂ ਰੱਦ ਕਰਨ, ਆਹਲੂਵਾਲੀਆ ਕਮੇਟੀ ਭੰਗ ਕਰਨ, ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ2 ਫਾਰਮੂਲੇ ਮੁਤਾਬਕ ਮਿਥੇ ਜਾਣ, ਜ਼ਮੀਨੀ ਹੱਦਬੰਦੀ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਅਤੇ ਬਠਿੰਡਾ ਸਰਕਾਰੀ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰਨ ਦੀ ਵੀ ਮੰਗ ਕੀਤੀ। ਬੁਲਾਰਿਆਂ ਨੇ ਦੱਸਿਆ ਕਿ 29 ਅਗਸਤ ਤੱਕ ਹਰ ਰੋਜ਼ ਇਸੇ ਤਰ੍ਹਾਂ ਨਾਕਾਬੰਦੀ ਧਰਨੇ ਲਾਏ ਜਾਣਗੇ। ਇਸ ਦੌਰਾਨ ਉਨ੍ਹਾਂ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਨੂੰ ਇਸ ‘ਕਿਸਾਨੀ ਬਚਾਓ’ ਸੰਘਰਸ਼ ਵਿੱਚ ਵਧ-ਚੜ੍ਹ ਕੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune