ਪੋਹ ਦੀ ਠੰਢ ’ਚ ਵੀ ਕਿਸਾਨਾਂ ਦੇ ਹੌਸਲੇ ਬੁਲੰਦ

December 21 2020

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਅੱਗੇ ਚੱਲ ਰਿਹਾ ਰੇਲ ਰੋੋਕੋ ਅੰਦੋਲਨ ਅੱਜ 87ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮਨੰਗਲ ਦੀ ਅਗਵਾਈ ਹੇਠ ਕਿਸਾਨਾਂ ਨੇ ਪੋਹ ਦੇ ਪਾਲੇ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ। ਮਹਿਜ਼ ਇੱਕ ਡਿਗਰੀ ਤਾਪਮਾਨ ਦੌਰਾਨ ਵੀ ਕਿਸਾਨਾਂ-ਮਜ਼ਦੂਰਾਂ ਨੇ ਧਰਨੇ ’ਚ ਭਰਵੀਂ ਹਾਜ਼ਰੀ ਲਵਾਈ। ਅੱਜ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ, ਕਿਰਪਾਲ ਸਿੰਘ ਕਲੇਰਮਾਂਗਟ ਦੀ ਅਗਵਾਈ ਹੇਠ ਪੁੱਜੇ ਜਥੇ ਨੇ ਰੱਜ ਕੇ ਕੇਂਦਰ ਸਰਕਾਰ ਨੂੰ ਭੰਡਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਅੰਬਾਨੀ ਅਤੇ ਅਡਾਨੀ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਵਿੱਚ ਲਿਆਂਦੇ ਤਿੰਨ ਖੇਤੀ ਕਾਲੇ ਕਾਨੂੰਨ ਕਾਹਲੀ ਵਿੱਚ ਪੁੱਟਿਆ ਕਦਮ ਤੇ ਕਰੋਨਾ ਸਮੇਂ ਦੌਰਾਨ ਕਾਲੇ ਕਾਨੂੰਨ ਲਾਗੂ ਕਰਕੇ ਅਡਾਨੀ, ਅੰਬਾਨੀ ਨੂੰ ਖੁਸ਼ ਕਰਨ ਦਾ ਸਿਰਤੋੜ ਯਤਨ ਦੱਸਿਆ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਫ਼ਸਲਾਂ ਦੀ ਐੱਮਐੱਸਪੀ ਚਾਲੂ ਰਹੇਗੀ ਦਾ ਬਿਆਨ ਦੇ ਕੇ ਕਿਸਾਨਾਂ ਦੇ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਅੰਦੋਲਨ ਨੂੰ ਤਾਰਪੀਡੋ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ। 

ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮਨੰਗਲ, ਸਕੱਤਰ ਜਰਮਨਜੀਤ ਸਿੰਘ ਅਤੇ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਚੱਬਾ ਦੇ ਗੁਰਦੁਆਰਾ ਖੂਹੀ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਸੂਬਾ ਸੁਖਵਿੰਦਰ ਸਿੰਘ ਸਭਰਾ ਵਿਸੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਿੰਡਾਂ ਦੇ ਫੰਡਾਂ ਸਬੰਧੀ ਹਿਸਾਬ ਕਿਤਾਬ ਅਤੇ 25 ਦਸੰਬਰ ਨੂੰ ਦਿੱਲੀ ਜਾ ਰਹੇ ਜਥੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। 

ਇਸ ਦੇ ਨਾਲ ਹੀ 20 ਦਸੰਬਰ ਨੂੰ ਸੰਘਰਸ਼ੀ ਯੋਧਿਆਂ ਨੂੰ ਸ਼ਰਧਾਂਜਲੀ ਦੇਣ ਸਬੰਧੀ ਉਲੀਕੇ ਪ੍ਰੋਗਰਾਮ ਬਾਰੇ ਵਿਉਂਤਬੰਦੀ ਕੀਤੀ ਗਈ। ਆਗੂਆਂ ਨੇ ਦੱਸਿਆ ਕਿ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਇੰਦਰਜੀਤ ਸਿੰਘ ਕੱਲੀਵਾਲਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਧਰਨਾ ਨਿਰੰਤਰ ਚੱਲ ਰਿਹਾ ਹੈ।

 

ਇਸ ਖ਼ਬਰ ਨੂੰ ਆਪਣੀ ਖੇਤੀ ਦੇ ਸਟਾਫ ਦੁਆਰਾ ਸੰਪਾਦਿਤ(ਸੋਧਿਆ) ਨਹੀਂ ਕੀਤਾ ਗਿਆ ਹੈ ਅਤੇ ਇਹ ਖ਼ਬਰ ਵੱਖ ਵੱਖ ਫੀਡ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।

ਸ੍ਰੋਤ: Punjabi Tribune